ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ (DCW) ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਅੱਜ 10ਵੇਂ ਦਿਨ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਮਾਲੀਵਾਲ ਨੇ ਬੱਚਿਆਂ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਮੌਤ ਦੀ ਸਜ਼ਾ ਦੀ ਵਿਵਸਥਾ ਵਾਲੇ ਆਰਡੀਨੈਂਸ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਮਨਜ਼ੂਰੀ ਦਿੱਤੇ ਜਾਣ ਪਿੱਛੋਂ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ ਹੈ। ਮਾਲੀਵਾਲ ਨੇ ਦੇਸ਼ ਵਿੱਚ ਵੱਖ-ਵੱਖ ਥਾਈਂ ਹੋਏ ਬਲਾਤਕਾਰ ਦੇ ਮਾਮਲਿਆਂ ਦੇ ਵਿਰੋਧ ਵਿੱਚ ਇਹ ਹੜਤਾਲ ਸ਼ੁਰੂ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।


 

ਇਸ ਮੌਕੇ ਮਾਲੀਵਾਲ ਨੇ ਕਿਹਾ ਕਿ ਉਸ ਇਕੱਲੀ ਨੇ ਇਹ ਲੜਾਈ ਸ਼ੁਰੂ ਕੀਤੀ ਸੀ ਪਰ ਦੇਸ਼ ਭਰ ਦੇ ਵਸਨੀਕਾਂ ਨੇ ਉਸ ਦਾ ਸਮਰਥਨ ਕੀਤਾ। ਉਸ ਨੇ ਕਿਹਾ ਕਿ ਆਜ਼ਾਦ ਭਾਰਤ ਵਿੱਚ ਇਹ ਇਤਿਹਾਸਕ ਜਿੱਤ ਹੈ। ਇਸ ਜਿੱਤ ਲਈ ਉਸ ਨੇ ਸਭਨਾਂ ਨੂੰ ਵਧਾਈ ਦਿੱਤੀ ਤੇ ਪ੍ਰਧਾਨ ਮੰਤਰੀ ਦਾ ਵੀ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਅਪਰਾਧਿਕ ਕਾਨੂੰਨ ਆਰਡੀਨੈਂਸ, 2018 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਆਰਡੀਨੈਂਸ ਨੂੰ ਮੰਤਰੀ ਮੰਡਲ ਨੇ ਸ਼ਨੀਵਾਰ ਨੂੰ ਹੀ ਮਨਜ਼ੂਰੀ ਦੇ ਦਿੱਤੀ ਸੀ।