Singhu Border Murder Case: ਸਿੰਘੂ ਬਾਰਡਰ 'ਤੇ ਕਤਲ ਕੇਸ ਪਹੁੰਚਿਆ ਸੁਪਰੀਮ ਕੋਰਟ, ਜਾਣੋ ਕੀ ਹੋਇਆ
ਦਿੱਲੀ ਦੇ ਸਿੰਘੂ ਬਾਰਡਰ ਕਤਲ ਕੇਸ 'ਚ ਨਵਾਂ ਮੋੜ ਆਇਆ ਹੈ। ਕਤਲ ਕੇਸ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਟੀਸ਼ਨ 'ਚ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ।
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਿੰਘੂ ਸਰਹੱਦ 'ਤੇ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਸੁਪਰੀਮ ਕੋਰਟ ਕੋਲ ਪਹੁੰਚ ਗਿਆ ਹੈ। ਅਰਜ਼ੀ ਦਾਇਰ ਕਰਦਿਆਂ ਸੁਪਰੀਮ ਕੋਰਟ ਦੇ ਵਕੀਲ ਸ਼ਸ਼ਾਂਕ ਸ਼ੇਖਰ ਝਾਅ ਨੇ ਸਿੰਘੂ ਸਰਹੱਦ ਖਾਲੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਛੇਤੀ ਸੁਣਵਾਈ ਲਈ ਸੁਪਰੀਮ ਕੋਰਟ 'ਚ ਅਪੀਲ ਵੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸਵੇਰੇ ਅੰਦੋਲਨ 'ਤੇ ਬੈਠੇ ਕਿਸਾਨਾਂ ਦੇ ਮੰਚ ਦੇ ਕੋਲ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਦਾ ਇੱਕ ਹੱਥ ਕੱਟ ਕੇ ਬੈਰੀਕੇਡ ਨਾਲ ਲਟਕਾ ਦਿੱਤਾ ਗਿਆ ਸੀ। ਇੰਨਾ ਹੀ ਨਹੀਂ, ਨੌਜਵਾਨ ਦੀ ਲਾਸ਼ ਨੂੰ 100 ਮੀਟਰ ਤੱਕ ਵੀ ਘਸੀਟਿਆ ਗਿਆ। ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਨਿਸ਼ਾਨ ਵੀ ਮਿਲੇ ਹਨ।
#WATCH | Haryana Police detains one person in connection with the Singhu border incident.
— ANI (@ANI) October 15, 2021
A body was found hanging with hands, legs chopped at the spot where farmers' protest is underway (Kundli, Sonipat). FIR has been lodged. pic.twitter.com/gxfXTJ4kIu
ਦਰਅਸਲ, ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ ਵਿੱਚ ਕਿਸਾਨ ਅੰਦੋਲਨ ਨੂੰ ਗੈਰਕਨੂੰਨੀ ਕਰਾਰ ਦਿੰਦਿਆਂ ਦਿੱਲੀ ਦੀ ਸਰਹੱਦ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਣ ਇੱਕ ਦਲਿਤ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਇੱਕ ਔਰਤ ਨਾਲ ਬਲਾਤਕਾਰ ਵੀ ਹੋਇਆ ਸੀ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਹਿੰਸਾ ਭੜਕੀ ਸੀ। ਪ੍ਰਗਟਾਵੇ ਦੀ ਆਜ਼ਾਦੀ ਦੀ ਆੜ ਵਿੱਚ ਇਹ ਅੰਦੋਲਨ ਗੈਰਕਨੂੰਨੀ ਢੰਗ ਨਾਲ ਚੱਲ ਰਿਹਾ ਹੈ। ਸੁਪਰੀਮ ਕੋਰਟ ਤੋਂ ਵਿਚਾਰ ਅਧੀਨ ਪਟੀਸ਼ਨ 'ਤੇ ਛੇਤੀ ਸੁਣਵਾਈ ਦੀ ਮੰਗ ਕੀਤੀ ਗਈ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਕਤਲ ਕੇਸ ਦੇ ਦੋ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਪੁਲਿਸ ਨੇ ਸਰਬਜੀਤ ਸਿੰਘ ਨਾਂ ਦੇ ਨਿਹੰਗ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਦਾ ਦਾਅਵਾ ਹੈ ਕਿ ਸਿੰਘੂ ਬਾਰਡਰ ਕਤਲ ਕੇਸ 'ਚ ਦੋ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਬਾਬਾ ਅਮਨਦੀਪ ਸਿੰਘ ਅਤੇ ਬਾਬਾ ਨਰਾਇਣ ਸਿੰਘ ਨਾਂ ਦੇ ਦੋ ਦੋਸ਼ੀਆਂ ਦੀ ਪਛਾਣ ਹੋ ਗਈ ਹੈ। ਇਸ ਮਾਮਲੇ ਵਿੱਚ ਇੱਕ ਨਿਹੰਗ ਸਰਬਜੀਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਉਧਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਿੰਘੂ ਸਰਹੱਦ ਦੀ ਘਟਨਾ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਅਨਿਲ ਵਿਜ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਸ਼ਾਮਲ ਹੋਏ ਹਨ।
ਹੁਣ ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਰਿਪੋਰਟਾਂ ਮੁਤਾਬਕ ਤਰਨਤਾਰਨ ਦੇ 35 ਸਾਲਾ ਨੌਜਵਾਨ ਲਖਬੀਰ ਸਿੰਘ ਦਾ ਇੱਕ ਹੱਥ ਗੁੱਟ ਤੋਂ ਕੱਟਿਆ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਬੰਨ੍ਹ ਕੇ ਸਿੰਘੂ ਸਰਹੱਦ 'ਤੇ ਕੁੰਡਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਦੇ ਸਾਹਮਣੇ ਬੈਰੀਕੇਡਿੰਗ 'ਤੇ ਲਟਕਾ ਦਿੱਤਾ ਗਿਆ। ਅੰਦੋਲਨਕਾਰੀ ਕਿਸਾਨਾਂ ਦੀ ਮੁੱਖ ਸਟੇਜ ਦੇ ਨੇੜੇ ਮ੍ਰਿਤਕ ਦੇਹ ਬਰਾਮਦ ਹੋਈ ਹੈ। ਨੌਜਵਾਨ ਦੇ ਸਰੀਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲੇ ਦੇ ਨਿਸ਼ਾਨ ਮਿਲੇ ਹਨ। ਨਿਹੰਗਾਂ 'ਤੇ ਨੌਜਵਾਨਾਂ ਦੇ ਕਤਲ ਦੇ ਦੋਸ਼ ਹਨ, ਦੱਸਿਆ ਜਾ ਰਿਹਾ ਹੈ ਕਿ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਉਥੇ ਨੌਜਵਾਨ ਨੇ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕੀਤਾ ਅਤੇ ਹੱਥ 'ਚ ਲੈ ਕੇ ਭੱਜ ਰਿਹਾ ਸੀ। ਜਦੋਂ ਨੌਜਵਾਨ ਗੁਰੂ ਗ੍ਰੰਥ ਸਾਹਿਬ ਨੂੰ ਚੁੱਕ ਕੇ ਭੱਜਣ ਲੱਗਾ ਤਾਂ ਸੇਵਾਦਾਰਾਂ ਨੇ ਉਸਨੂੰ ਫੜ ਲਿਆ।
ਸੰਯੁਕਤ ਕਿਸਾਨ ਮੋਰਚਾ ਨੇ ਕੀਤੀ ਕਤਲ ਦੀ ਨਿੰਦਾ
ਐਸਕੇਐਮ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇੱਕ ਨਿਹੰਗ ਸਮੂਹ ਨੇ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਦਾਅਵਾ ਕੀਤਾ ਗਿਆ ਹੈ ਕਿ ਮ੍ਰਿਤਕ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਕਾਰਨ ਉਸ ਦਾ ਕਤਲ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਨੇ ਇਸ ਬੇਰਹਿਮ ਨਾਲ ਕੀਤੇ ਕਤਲ ਦੀ ਨਿੰਦਾ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸਾਨ ਸੰਗਠਨ ਦਾ ਦੋਵਾਂ ਧਿਰਾਂ - ਨਿਹੰਗ ਸਮੂਹ ਅਤੇ ਮ੍ਰਿਤਕਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਇਹ ਵੀ ਪੜ੍ਹੋ: Asia Cup 2023 ਦੇ ਮੇਜ਼ਬਾਨੀ ਅਧਿਕਾਰ ਪੀਸੀਬੀ ਨੂੰ ਮਿਲਣ ਨਾਲ ਟੀਮ ਇੰਡੀਆ ਕਰੀਬ 17 ਸਾਲਾਂ ਬਾਅਦ ਕਰ ਸਕਦੀ ਹੈ ਪਾਕਿਸਤਾਨ ਦਾ ਦੌਰਾ: ਰਿਪੋਰਟ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: