ਕਿਸਾਨਾਂ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ 'ਚ ਮਜ਼ਦੂਰਾਂ ਵੱਲੋਂ ਦਿੱਲੀ ਕੂਚ, ਕਸੂਤੀ ਘਿਰੀ ਮੋਦੀ ਸਰਕਾਰ
26 ਜਨਵਰੀ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਹਜ਼ਾਰਾਂ ਦਲਿਤ ਮਜ਼ਦੂਰ ਦਿੱਲੀ ਨੂੰ ਕੂਚ ਕਰਨਗੇ। ਇਸ ਬਾਰੇ ਬੁੱਧਵਾਰ ਨੂੰ ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਜ਼ੋਨ ਦੀ ਕਨਵੈਨਸ਼ਨ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਈ।
ਚੰਡੀਗੜ੍ਹ: ਕਿਸਾਨਾਂ ਦੇ ਨਾਲ ਹੀ ਹੁਣ ਖੇਤੀ ਕਾਮਿਆਂ ਨੇ ਮਜ਼ਦੂਰਾਂ ਨੇ ਵੀ ਮੋਦੀ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਖੇਤੀ ਕਾਮਿਆਂ ਨੇ ਮਜ਼ਦੂਰਾਂ ਨੇ ਦਿੱਲੀ ਕੂਚ ਕਰਨ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਖੇਤੀ ਕਾਨੂੰਨ ਉਨ੍ਹਾਂ ਲਈ ਵੀ ਘਾਤਕ ਹਨ। ਇਸ ਲਈ 26 ਜਨਵਰੀ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਹਜ਼ਾਰਾਂ ਦਲਿਤ ਮਜ਼ਦੂਰ ਦਿੱਲੀ ਨੂੰ ਕੂਚ ਕਰਨਗੇ। ਇਸ ਬਾਰੇ ਬੁੱਧਵਾਰ ਨੂੰ ਪੇਂਡੂ ਮਜ਼ਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਜ਼ੋਨ ਦੀ ਕਨਵੈਨਸ਼ਨ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਹੋਈ।
ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਹਨੇਰੇ ’ਚ ਧੱਕਣ ਦਾ ਕੰਮ ਕਰਨਗੇ ਕਿਉਂਕਿ ਜੇ ਕਿਸਾਨ ਕੋਲ ਜ਼ਮੀਨ ਨਹੀਂ ਰਹੇਗੀ ਤਾਂ ਮੰਡੀਆਂ ਤੇ ਖੇਤਾਂ ’ਚ ਕੰਮ ਕਰਦੇ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਿਆ ਜਾਣਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਵਸਤਾਂ ਸਟੋਰੇਜ ਐਕਟ ਤਹਿਤ ਮਹਿੰਗਾਈ ਨੇ ਕਈ ਗੁਣਾ ਵਧਣਾ ਹੈ, ਜੋ ਮਜ਼ਦੂਰ ਵਿਰੋਧੀ ਹੈ।
ਲੀਡਰਾਂ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਅਡਾਨੀ ਅੰਬਾਨੀ ਅੱਗੇ ਝੁਕੀ ਹੋਈ ਹੈ, ਜਿਸ ਕਾਰਨ ਉਹ ਇਨ੍ਹਾਂ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ। ਇਹ ਕਾਨੂੰਨ ਰੱਦ ਕਰਵਾਉਣ ਲਈ 26 ਜਨਵਰੀ ਨੂੰ ਕੀਤੀ ਜਾ ਰਹੀ ਟਰੈਕਟਰ ਪਰੇਡ ਤੋਂ ਪਹਿਲਾਂ ਹਜ਼ਾਰਾਂ ਮਜ਼ਦੂਰ ਦਿੱਲੀ ਨੂੰ ਕੂਚ ਕਰਨਗੇ।
ਇਸੇ ਤਰ੍ਹਾਂ ਮਾਲਵੇ ਦੇ ਖੇਤੀ ਕਾਮੇ ਵੀ ਖੇਤੀ ਕਾਨੂੰਨਾਂ ਦੀ ਅਸਲ ਮਾਰ ਨੂੰ ਪਛਾਣ ਕੇ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਫਰੀਦਕੋਟ ਤੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੈਂਕੜੇ ਕਾਰਕੁਨ ਅੱਜ 7 ਜਨਵਰੀ ਨੂੰ ਦਾਣਾ ਮੰਡੀ ਕਿੱਲਿਆਂਵਾਲੀ ਵਿੱਚ ਰੈਲੀ ਕਰਨ ਮਗਰੋਂ ਦਿੱਲੀ ਵੱਲ ਕੂਚ ਕਰਨਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ