ਨਾਜ਼ੁਕ ਬਣੀ ਹੋਈ ਹੈ ਜ਼ਖਮੀਆਂ ਦੀ ਹਾਲਤ
ਸਹਾਇਕ ਇੰਸਪੈਕਟਰ ਜਨਰਲ ਜੋਤਿਸ਼ਮਾਨ ਦਾਸ ਚੌਧਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਾਰਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਟਵੀਟ ਕੀਤਾ ਕਿ ਉਹ ਅਗਰਤਲਾ ਤੋਂ ਰੇਲਗੱਡੀ 'ਚ ਕੁਮਾਰਘਾਟ ਜਾ ਰਹੇ ਹਨ ਅਤੇ ਘਟਨਾ ਸਥਾਨ ਦਾ ਮੁਆਇਨਾ ਕਰਨਗੇ, ਜਿੱਥੇ ਇਸ ਦਰਦਨਾਕ ਘਟਨਾ 'ਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਮਾਨਿਕ ਸਾਹਾ ਨੇ ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ, ''ਕੁਮਾਰਘਾਟ 'ਚ ਇੱਕ ਦਰਦਨਾਕ ਹਾਦਸੇ ਵਿੱਚ 'ਉਲਤਾ ਰੱਥ' ਖਿੱਚਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਕਈ ਸ਼ਰਧਾਲੂਆਂ ਦੀ ਜਾਨ ਚਲੀ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮੈਂ ਇਸ ਘਟਨਾ ਤੋਂ ਬਹੁਤ ਦੁਖੀ ਹਾਂ। ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ। ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ।"
ਕਿਮਰਘਾਟ ਸਬ-ਡਿਵੀਜ਼ਨਲ ਹਸਪਤਾਲ ਦੇ ਡਾਕਟਰ ਸੰਜੀਤ ਚਕਮਾ ਨੇ ਦੱਸਿਆ ਕਿ ਬੁੱਧਵਾਰ (28 ਜੂਨ) ਨੂੰ ਸੜ ਚੁੱਕੇ ਦੋ ਵਿਅਕਤੀਆਂ ਨੂੰ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ ਸੀ। ਇਸ ਤੋਂ ਬਾਅਦ 10-12 ਲੋਕਾਂ ਨੂੰ ਲਿਆਂਦਾ ਗਿਆ। ਇਨ੍ਹਾਂ 'ਚੋਂ 6 ਲੋਕਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਦੋ ਬੱਚਿਆਂ ਸਮੇਤ ਕੁੱਲ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰਾਂ ਨੂੰ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।