ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਜਾਰੀ ਹੈ। ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲੈ ਕੇ ਅੱਜ ਕਿਸਾਨ ਅੰਦੋਲਨ ਦਾ 25ਵਾਂ ਦਿਨ ਹੈ। ਇਸ ਦੌਰਾਨ, ਅਮਰੀਕਾ ਦੀਆਂ ਦੋ ਸਿੱਖ ਐਨਜੀਓ ਨੇ ਟਿਕਰੀ ਬਾਰਡਰ 'ਤੇ ਕਿਸਾਨਾਂ ਨੂੰ ਟਾਇਲਟ, ਗੀਜ਼ਰ ਤੇ ਟੈਂਟ ਦੀਆਂ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ।
ਸਿੱਖ ਪੰਚਾਇਤ ਫਰੀਮੌਂਟ ਕੈਲੀਫੋਰਨੀਆ ਦੇ ਕੋਆਰਡੀਨੇਟਰ ਤੇ ਹੁਸ਼ਿਆਰਪੁਰ ਦੇ ਜੰਮਪਾਲ ਐਸਪੀ ਸਿੰਘ ਖਾਲਸਾ ਨੇ ਕਿਹਾ ਕਿ ਜਿਨ੍ਹਾਂ ਥਾਵਾਂ' ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਉੱਥੇ ਬੁਨਿਆਦੀ ਸਹੂਲਤਾਂ ਦੀ ਘਾਟ ਹੈ। ਇਸ ਸਥਿਤੀ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਲਈ ਮੁੱਢਲੀਆਂ ਜ਼ਰੂਰਤਾਂ ਮੁਹੱਈਆ ਕਰਵਾਉਣ।
ਉਨ੍ਹਾਂ ਕਿਹਾ, "ਅਸੀਂ ਉਨ੍ਹਾਂ ਥਾਵਾਂ ‘ਤੇ 200 ਪੋਰਟੇਬਲ ਟਾਇਲਟ ਤੇ ਗੀਜ਼ਰ ਦਾਨ ਕਰਨ ਦਾ ਫੈਸਲਾ ਕੀਤਾ ਹੈ। ਨਾਲ ਹੀ ਇਹ ਵੀ ਕਿਹਾ ਕਿ ਕਿਸਾਨਾਂ ਦੀ ਮੰਗ ਜਾਇਜ਼ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਜਲਦੀ ਤੋਂ ਜਲਦੀ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ। ਅਸੀਂ ਇਹ ਯਕੀਨੀ ਬਣਾਉਣ ਲਈ ਟੈਂਟਾਂ ਦਾ ਪ੍ਰਬੰਧ ਵੀ ਕੀਤਾ ਹੈ ਕਿ ਕਿਸਾਨਾਂ ਨੂੰ ਰਹਿਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਕਿਸਾਨਾਂ ਦੇ ਸਮਰਥਨ ਵਿੱਚ ਕਈ ਐਨਆਰਆਈ ਵੀ ਅੱਗੇ ਆਏ
ਬਹੁਤ ਸਾਰੇ ਪ੍ਰਵਾਸੀ ਭਾਰਤੀ ਵੀ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ ਆਏ ਹਨ। ਦਿੱਲੀ ਨਾਲ ਲੱਗਦੀਆਂ ਸਰਹੱਦਾਂ 'ਤੇ ਕਿਸਾਨਾਂ ਨੂੰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਖਾਣ-ਪੀਣ ਦੇ ਵੀ ਪੂਰੇ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਦੀ ਸਹੂਲਤ ਲਈ ਬੈੱਡ ਵੀ ਲਾਏ ਗਏ ਹਨ। ਉਨ੍ਹਾਂ ਥਾਵਾਂ 'ਤੇ ਡਾਕਟਰੀ ਸਹੂਲਤਾਂ ਵੀ ਉਪਲਬਧ ਕਰਵਾਈਆਂ ਗਈਆਂ ਹਨ। ਹਜ਼ਾਰਾਂ ਕਿਸਾਨ ਦਿੱਲੀ-ਯੂਪੀ ਸਰਹੱਦ 'ਤੇ ਫਸੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਹ ਇਸ ਤਰ੍ਹਾਂ ਪ੍ਰਦਰਸ਼ਨ ਕਰਦੇ ਰਹਿਣਗੇ।