One Nation, One Election: ‘ਵਨ ਨੇਸ਼ਨ, ਵਨ ਇਲੈਕਸ਼ਨ’ ਬਿੱਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਮੰਤਰੀ ਮੰਡਲ ਨੇ ਵੀਰਵਾਰ (12 ਦਸੰਬਰ 2024) ਨੂੰ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨੂੰ ਅਗਲੇ ਹਫ਼ਤੇ ਸੰਸਦ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ 'ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ।


ਇਸ ਤੋਂ ਪਹਿਲਾਂ ਬੁੱਧਵਾਰ (11 ਦਸੰਬਰ 2024) ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ 'ਇੱਕ ਰਾਸ਼ਟਰ, ਇੱਕ ਚੋਣ' ਦੀ ਜ਼ੋਰਦਾਰ ਵਕਾਲਤ ਕੀਤੀ ਸੀ ਤੇ ਕਿਹਾ ਸੀ ਕਿ ਲਗਾਤਾਰ ਚੋਣਾਂ ਦੇਸ਼ ਦੀ ਤਰੱਕੀ ਵਿਚ ਰੁਕਾਵਟ ਬਣ ਰਹੀਆਂ ਹਨ। ਅੰਤਰਰਾਸ਼ਟਰੀ ਗੀਤਾ ਮਹੋਤਸਵ ਤਹਿਤ ਕੁਰੂਕਸ਼ੇਤਰ 'ਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ।



ਸ਼ਿਵਰਾਜ ਸਿੰਘ ਚੌਹਾਨ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਇੱਕ ਸ਼ਾਨਦਾਰ, ਖੁਸ਼ਹਾਲ ਅਤੇ ਸ਼ਕਤੀਸ਼ਾਲੀ ਭਾਰਤ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਲਦੀ ਹੀ ਭਾਰਤ ਸਾਡੀਆਂ ਅੱਖਾਂ ਸਾਹਮਣੇ 'ਵਿਸ਼ਵ ਗੁਰੂ' ਬਣ ਜਾਵੇਗਾ, ਇਸ ਵਿੱਚ ਕੋਈ ਸ਼ੱਕ ਨਹੀਂ ਹੈ ਤੇ ਪੂਰੀ ਦੁਨੀਆ ਜਾਣਦੀ ਹੈ... ਪਰ ਭਾਰਤ ਦੀ ਤਰੱਕੀ ਅਤੇ ਵਿਕਾਸ ਵਿੱਚ ਇੱਕ ਰੁਕਾਵਟ ਹੈ, ਉਹ ਹੈ ਲਗਾਤਾਰ ਚੋਣਾਂ। ਦੇਸ਼ ਵਿੱਚ ਕੁਝ ਹੋਰ ਹੋਵੇ ਜਾਂ ਨਾ ਹੋਵੇ, ਪੂਰੇ ਪੰਜ ਸਾਲ ਚੋਣਾਂ ਦੀਆਂ ਤਿਆਰੀਆਂ ਚੱਲਦੀਆਂ ਰਹਿੰਦੀਆਂ ਹਨ। ਜਦੋਂ ਲੋਕ ਸਭਾ ਚੋਣਾਂ ਖਤਮ ਹੁੰਦੀਆਂ ਹਨ ਤਾਂ ਵਿਧਾਨ ਸਭਾ ਚੋਣਾਂ ਆ ਜਾਂਦੀਆਂ ਹਨ। ਹਰਿਆਣਾ, ਜੰਮੂ-ਕਸ਼ਮੀਰ, ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਚੋਣਾਂ ਹੋ ਚੁੱਕੀਆਂ ਹਨ, ਹੁਣ ਦਿੱਲੀ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। 


ਆਪਣੀ 'ਇੱਕ ਰਾਸ਼ਟਰ, ਇੱਕ ਚੋਣ' ਯੋਜਨਾ ਨੂੰ ਅੱਗੇ ਵਧਾਉਂਦੇ ਹੋਏ, ਕੇਂਦਰ ਸਰਕਾਰ ਨੇ ਸਤੰਬਰ ਵਿੱਚ ਲੋਕ ਸਭਾ, ਵਿਧਾਨ ਸਭਾਵਾਂ ਤੇ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਪੜਾਅਵਾਰ ਢੰਗ ਨਾਲ ਕਰਵਾਉਣ ਲਈ ਉੱਚ ਪੱਧਰੀ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਸੀ।



'ਇੱਕ ਰਾਸ਼ਟਰ, ਇੱਕ ਚੋਣ' ਦੇ ਰਾਹ 'ਚ ਕਈ ਰੁਕਾਵਟਾਂ


ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਹੀ ਵਨ ਨੇਸ਼ਨ, ਵਨ ਇਲੈਕਸ਼ਨ ਦੇ ਸਮਰਥਨ 'ਚ ਰਹੀ ਹੈ। ਹਾਲਾਂਕਿ, ਮੌਜੂਦਾ ਸਿਸਟਮ ਨੂੰ ਬਦਲਣਾ ਬਹੁਤ ਚੁਣੌਤੀਪੂਰਨ ਕੰਮ ਹੈ। ਇਸ ਦੇ ਲਈ ਸਹਿਮਤੀ ਬਹੁਤ ਜ਼ਰੂਰੀ ਹੈ। ਦੇਸ਼ 'ਚ ਵਨ ਨੇਸ਼ਨ ਵਨ ਇਲੈਕਸ਼ਨ ਲਾਗੂ ਕਰਨ ਲਈ ਸੰਵਿਧਾਨ 'ਚ ਸੋਧ ਲਈ ਕਰੀਬ 6 ਬਿੱਲ ਲਿਆਉਣੇ ਪੈਣਗੇ। ਇਨ੍ਹਾਂ ਸਭ ਨੂੰ ਸੰਸਦ 'ਚ ਪਾਸ ਕਰਨ ਲਈ ਦੋ ਤਿਹਾਈ ਬਹੁਮਤ ਦੀ ਲੋੜ ਹੋਵੇਗੀ।