Farmers Protest: ਸਰਕਾਰ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ, ਅੱਜ ਹੋ ਸਕਦਾ ਵੱਡਾ ਫੈਸਲਾ
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਤੇ ਕਿਸਾਨੀ ਮੰਗਾਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜੀ ਗਈ ਤਜਵੀਜ਼ ਦੇ ਕਈ ਨੁਕਤਿਆਂ ’ਤੇ ਇਤਰਾਜ਼ ਜਾ਼ਹਰ ਕੀਤੇ।
ਨਵੀਂ ਦਿੱਲੀ: ਕੇਂਦਰ ਸਰਕਾਰ ਜਲਦ ਤੋਂ ਜਲਦ ਕਿਸਾਨਾਂ ਦੇ ਮਸਲੇ ਦਾ ਹੱਲ ਕੱਢ ਕੇ ਅੰਦੋਲਨ ਖਤਮ ਕਰਵਾਉਣਾ ਚਾਹੁੰਦੀ ਹੈ। ਇਸ ਬਾਰੇ ਸਰਕਾਰ ਕਾਫੀ ਸਰਗਰਮ ਨਜ਼ਰ ਆ ਰਹੀ ਹੈ। ਅੱਜ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੀ ਪੰਜ ਮੈਂਬਰੀ ਕਮੇਟੀ ਵੱਲੋਂ ਕੇਂਦਰੀ ਮੰਤਰੀਆਂ ਅਮਿਤ ਸ਼ਾਹ ਤੇ ਨਰਿੰਦਰ ਤੋਮਰ ਨਾਲ ਮੀਟਿੰਗ ਕੀਤੀ ਜਾ ਸਕਦੀ ਹੈ। ਇਸ ਮਗਰੋਂ ਅੰਦੋਲਨ ਬਾਰੇ ਅਗਲਾ ਐਲਾਨ ਕੀਤਾ ਜਾਏਗਾ।
ਸੂਤਰਾਂ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਅਮਿਤ ਸ਼ਾਹ ਤੇ ਨਰਿੰਦਰ ਤੋਮਰ ਨਾਲ ਨਾਲ ਵੱਖ-ਵੱਖ ਮੀਟਿੰਗਾਂ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਮੀਟਿੰਗਾਂ ਵਿੱਚ ਖੇਤੀਬਾੜੀ ਨਾਲ ਸਬੰਧਤ ਉਨ੍ਹਾਂ ਦੇ ਬਕਾਇਆ ਮੁੱਦਿਆਂ 'ਤੇ ਚਰਚਾ ਕੀਤੀ ਜਾਏਗੀ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਤੇ ਕਿਸਾਨੀ ਮੰਗਾਂ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਭੇਜੀ ਗਈ ਤਜਵੀਜ਼ ਦੇ ਕਈ ਨੁਕਤਿਆਂ ’ਤੇ ਇਤਰਾਜ਼ ਤੇ ਖ਼ਦਸ਼ੇ ਜ਼ਾਹਿਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਪਸ਼ਟੀਕਰਨ ਮੰਗਿਆ ਹੈ। ਮੋਰਚੇ ਨੇ ਦੋ ਟੁਕ ਸ਼ਬਦਾਂ ਵਿੱਚ ਸਾਫ਼ ਕਰ ਦਿੱਤਾ ਕਿ ਐਮਐਸਪੀ ਕਮੇਟੀ ਦੀ ਬਣਤਰ ਬਾਰੇ ਸਥਿਤੀ ਸਪਸ਼ਟ ਹੋਣ ਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ ਤੱਕ ਮੋਰਚੇ ਨਹੀਂ ਹਟਾਏ ਜਾਣਗੇ।
ਮੋਰਚੇ ਨੇ ਪਹਿਲਾਂ ਮੋਰਚੇ ਹਟਾਉਣ ਤੇ ਫਿਰ ਕੇਸ ਵਾਪਸ ਲੈਣ ਦੀ ਕੇਂਦਰ ਸਰਕਾਰ ਦੀ ਸ਼ਰਤ ਰੱਦ ਕਰ ਦਿੱਤੀ ਹੈ। ਕਿਸਾਨ ਆਗੂਆਂ ਨੇ ਕੇਂਦਰ ਦੀ ਤਜਵੀਜ਼ ਵਿਚਲੀ ਸ਼ਬਦਾਵਲੀ ’ਤੇ ਵੀ ਸਵਾਲ ਉਠਾਏ ਹਨ। ਉਧਰ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਸੰਸਦੀ ਦਲ ਦੀ ਬੈਠਕ ’ਚ ਕਿਹਾ ਕਿ ਕਾਂਗਰਸ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ, ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਨਾਲ ਖੜ੍ਹੀ ਹੈ।
ਇਹ ਵੀ ਪੜ੍ਹੋ: IRCTC ਵੱਲੋਂ ਅੰਮ੍ਰਿਤਸਰ ਦੀ ਯਾਤਰਾ ਦਾ ਆਫਰ, ਮੁਫਤ 'ਚ ਮਿਲੇਗਾ ਖਾਣਾ, ਜਾਣੋ ਕਿੰਨਾ ਖਰਚਾ ਆਵੇਗਾ?
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: