ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਭੇਜੀ ਚਾਰ ਮੈਂਬਰੀ ਜਾਂਚ ਟੀਮ
ਬੀਜੇਪੀ ਨੇ ਦਾਅਵਾ ਕੀਤਾ ਕਿ ਪੱਛਮੀ ਬੰਗਾਲ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੌਰਾਨ ਉਨ੍ਹਾਂ ਦੀ ਪਾਰਟੀ ਦੇ 14 ਵਰਕਰ ਮਾਰੇ ਗਏ ਹਨ ਤੇ ਇੱਕ ਲੱਖ ਦੇ ਕਰੀਬ ਲੋਕਾਂ ਨੂੰ ਡਰ ਦੇ ਮਾਰੇ ਘਰ-ਬਾਰ ਛੱਡ ਕੇ ਭੱਜਣਾ ਪਿਆ ਹੈ।
ਨਵੀਂ ਦਿੱਲੀ: ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਵੀ ਮਾਹੌਲ ਗਰਮ ਹੈ। ਬੀਜੇਪੀ ਵੱਲੋਂ ਹਿੰਸਾ ਦੇ ਇਲਜ਼ਾਮ ਲਾਉਣ ਮਗਰੋਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਿੰਸਾ ਦੇ ਕਾਰਨਾਂ ਦੀ ਜਾਂਚ ਤੇ ਰਾਜ ਵਿੱਚ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਚਾਰ ਮੈਂਬਰੀ ਟੀਮ ਬਣਾਈ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ ਮੰਤਰਾਲੇ ਦੇ ਵਧੀਕ ਸਕੱਤਰ ਦੀ ਅਗਵਾਈ ਹੇਠਲੀ ਟੀਮ ਪੱਛਮੀ ਬੰਗਾਲ ਲਈ ਰਵਾਨਾ ਹੋ ਗਈ ਹੈ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਨੂੰ ਸੰਖੇਪ ਯਾਦਪੱਤਰ ਭੇਜ ਕੇ ਸੂਬੇ ਵਿੱਚ ਚੋਣ ਨਤੀਜਿਆਂ ਮਗਰੋਂ ਹੋਈ ਹਿੰਸਾ ਬਾਬਤ ਵਿਆਪਕ ਰਿਪੋਰਟ ਭੇਜਣ ਲਈ ਕਿਹਾ ਸੀ। ਯਾਦਪੱਤਰ ਵਿੱਚ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਹਿੰਸਕ ਘਟਨਾਵਾਂ ’ਤੇ ਰੋਕ ਲਾਉਣ ਲਈ ਆਖਦਿਆਂ ਲੋੜੀਂਦੇ ਕਦਮ ਨਾ ਚੁੱਕਣ ਦੀ ਸੂਰਤ ’ਚ ਇਸ ਹੁਕਮ ਅਦੂਲੀ ਨੂੰ ‘ਗੰਭੀਰਤਾ’ ਨਾਲ ਲੈਣ ਦੀ ਚਿਤਾਵਨੀ ਦਿੱਤੀ ਗਈ ਸੀ।
ਬੀਜੇਪੀ ਨੇ ਦਾਅਵਾ ਕੀਤਾ ਕਿ ਪੱਛਮੀ ਬੰਗਾਲ ’ਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੌਰਾਨ ਉਨ੍ਹਾਂ ਦੀ ਪਾਰਟੀ ਦੇ 14 ਵਰਕਰ ਮਾਰੇ ਗਏ ਹਨ ਤੇ ਇੱਕ ਲੱਖ ਦੇ ਕਰੀਬ ਲੋਕਾਂ ਨੂੰ ਡਰ ਦੇ ਮਾਰੇ ਘਰ-ਬਾਰ ਛੱਡ ਕੇ ਭੱਜਣਾ ਪਿਆ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਹਿੰਸਾ ’ਤੇ ਖਾਮੋਸ਼ੀ ਦਰਸਾਉਂਦੀ ਹੈ ਕਿ ਉਨ੍ਹਾਂ ਦੀ ਪਾਰਟੀ ਇਸ ’ਚ ਸ਼ਾਮਲ ਹੈ।
ਉਧਰ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਅਮਨ-ਕਾਨੂੰਨ ਦੀ ਹਾਲਤ ਨਾਲ ਪੂਰੀ ਸਖ਼ਤੀ ਨਾਲ ਨਜਿੱਠਣਗੇ। ਕੋਰੋਨਾ ਤੋਂ ਇਹ ਉਨ੍ਹਾਂ ਦੀ ਦੂਜੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਤੇ ਅਮਨੋ-ਅਮਾਨ ਬਹਾਲ ਕਰਨ ਲਈ ਹਰ ਹਰਬਾ ਵਰਤਿਆ ਜਾਵੇਗਾ। ਉਨ੍ਹਾਂ ਸਾਰੀਆਂ ਪਾਰਟੀਆਂ ਨੂੰ ਬੇਨਤੀ ਕੀਤੀ ਕਿ ਉਹ ਸ਼ਾਂਤੀ ਬਹਾਲ ਕਰਨ ’ਚ ਸਹਾਇਤਾ ਕਰਨ।