ਅੰਮ੍ਰਿਤਸਰ: ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਜ਼ਿਲ੍ਹਾ ਹਸਪਤਾਲ ਅੰਦਰ ਇੱਕ ਸਿੱਖ ਨਾਲ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਉੱਤਰ ਪ੍ਰਦੇਸ਼ ’ਚ ਪੈਂਦੇ ਸੀਤਾਪੁਰ ਦੇ ਇਲਾਕੇ ਖੈਰ ਸ਼ਹਿਰ ਦੀ ਕੋਤਵਾਲੀ ਪੁਲਿਸ ਵੱਲੋਂ ਬਿਨਾ ਵਜ੍ਹਾ ਸੁਖਦੇਵ ਸਿੰਘ ਨਾਂ ਦੇ ਸਿੱਖ ਨਾਲ ਬਦਸਲੂਕੀ ਕੀਤੀ ਗਈ ਹੈ।


ਡਾ. ਰੂਪ ਸਿੰਘ ਨੇ ਕਿਹਾ ਕਿ ਸਿੱਖ ਆਪਣੇ ਬੱਚੇ ਦੇ ਇਲਾਜ ਲਈ ਆਇਆ ਸੀ। ਬੱਚੇ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੇ ਲਾਈਨ ਤੋਂ ਅੱਗੇ ਜਾ ਕੇ ਪਰਚੀ ਬਣਵਾਉਣ ਦੀ ਕੋਸ਼ਿਸ਼ ਕੀਤੀ। ਉਸ ਦੀ ਇਸ ਕਾਰਵਾਈ ’ਤੇ ਪੁਲਿਸ ਨੇ ਉਸ ਦੀ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜ਼ਾਲਮਾਨਾ ਢੰਗ ਅਪਨਾਉਣਾ ਕਿਸੇ ਤਰ੍ਹਾਂ ਜਾਇਜ਼ ਨਹੀਂ ਹੈ ਤੇ ਇਸ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ।


ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਮੁਕੰਮਲ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੜ (ਉੱਤਰ ਪ੍ਰਦੇਸ਼) ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਡਿਊਟੀ ਲਾਈ ਗਈ ਹੈ, ਜੋ ਮੌਕੇ ’ਤੇ ਜਾ ਕੇ ਆਪਣੀ ਰਿਪੋਰਟ ਦੇਣਗੇ। ਉਨ੍ਹਾਂ ਆਖਿਆ ਕਿ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ।