Vice President Election 2022: ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਭਾਰਤ ਦੇ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਈ। ਵੋਟਿੰਗ ਸਵੇਰੇ 10 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਚੱਲੇਗੀ।

ਇਸ ਦੇ ਨਾਲ ਹੀ ਸ਼ਾਮ 5 ਵਜੇ ਤੋਂ ਬਾਅਦ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਉਪ ਰਾਸ਼ਟਰਪਤੀ ਚੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਵਾਲੇ ਪਹਿਲੇ ਸੰਸਦ ਮੈਂਬਰਾਂ ਵਿੱਚ ਸ਼ਾਮਲ ਸਨ। ਵੋਟਿੰਗ ਦੀ ਤਸਵੀਰ ਸ਼ੇਅਰ ਕਰਦੇ ਹੋਏ ਉਨ੍ਹਾਂ ਟਵੀਟ ਕੀਤਾ, "2022 ਦੇ ਉਪ ਰਾਸ਼ਟਰਪਤੀ ਚੋਣ (Vice President Election 2022) ਲਈ ਵੋਟ ਪਾਈ ਹੈ।" ਇਸ ਦੇ ਨਾਲ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵ੍ਹੀਲ ਚੇਅਰ 'ਤੇ ਬੈਠ ਕੇ ਸੰਸਦ ਭਵਨ ਪਹੁੰਚੇ ਅਤੇ ਉਪ ਰਾਸ਼ਟਰਪਤੀ ਚੋਣ 'ਚ ਆਪਣੀ ਵੋਟ ਦਾ ਇਸਤੇਮਾਲ ਕੀਤਾ।


ਮਾਰਗਰੇਟ ਅਲਵਾ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ



ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਪਿਛਲੇ ਮਹੀਨੇ ਰਾਸ਼ਟਰਪਤੀ ਚੋਣ ਵਿੱਚ ਵ੍ਹੀਲਚੇਅਰ 'ਤੇ ਸੰਸਦ ਭਵਨ ਪਹੁੰਚ ਕੇ ਆਪਣੀ ਵੋਟ ਪਾਈ ਸੀ। ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰੀਵੰਸ਼ ਨੇ ਵੀ ਉਪ ਰਾਸ਼ਟਰਪਤੀ ਚੋਣ ਵਿੱਚ ਵੋਟ ਪਾਈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਜਤਿੰਦਰ ਸਿੰਘ, ਗਜੇਂਦਰ ਸਿੰਘ ਸ਼ੇਖਾਵਤ ਅਤੇ ਅਸ਼ਵਨੀ ਵੈਸ਼ਨਵ, ਲੋਕ ਸਭਾ ਵਿੱਚ ਭਾਜਪਾ ਦੇ ਚੀਫ਼ ਵ੍ਹਿਪ ਰਾਕੇਸ਼ ਸਿੰਘ, ਵਾਈਐਸਆਰ ਕਾਂਗਰਸ ਪਾਰਟੀ ਦੇ ਰਘੂ ਰਾਮ ਕ੍ਰਿਸ਼ਨ ਰਾਜੂ ਅਤੇ ਤੇਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਦੇ ਸੰਸਦ ਮੈਂਬਰਾਂ ਨੇ ਵੀ ਆਪਣੀ ਵੋਟ ਪਾਈ। ਕੌਮੀ ਜਮਹੂਰੀ ਗਠਜੋੜ (ਐਨਡੀਏ) ਦੇ ਉਮੀਦਵਾਰ ਅਤੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ (71) ਦਾ ਉਪ-ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ 80 ਸਾਲਾ ਮਾਰਗਰੇਟ ਅਲਵਾ ਨਾਲ ਮੁਕਾਬਲਾ ਹੈ।