ਸਾਜ਼ਿਸ਼ ਤਹਿਤ ਜਹਾਂਗੀਰਪੁਰੀ 'ਚ ਭੜਕਾਈ ਹਿੰਸਾ, ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਰਿਪੋਰਟ
Jahangirpuri Violence : ਦਿੱਲੀ ਪੁਲਿਸ ਨੇ ਇਸ ਰਿਪੋਰਟ ਵਿੱਚ ਦੱਸਿਆ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਿਰਫ਼ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਨਵੀਂ ਦਿੱਲੀ: ਪੁਲਿਸ ਨੇ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਹਨੂੰਮਾਨ ਜੈਅੰਤੀ ਮੌਕੇ ਹੋਈ ਹਿੰਸਾ ਦੀ ਸ਼ੁਰੂਆਤੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪ ਦਿੱਤੀ ਹੈ। ਸੂਤਰਾਂ ਮੁਤਾਬਕ ਜਹਾਂਗੀਰਪੁਰੀ 'ਚ ਇੱਕ ਅਪਰਾਧਿਕ ਸਾਜ਼ਿਸ਼ ਤਹਿਤ ਹਿੰਸਾ ਹੋਈ। ਦਿੱਲੀ ਪੁਲਿਸ ਨੇ ਰਿਪੋਰਟ ਵਿੱਚ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਹੁਣ ਤੱਕ ਕੀਤੀ ਕਾਰਵਾਈ ਬਾਰੇ ਵੀ ਵਿਸਥਾਰ ਨਾਲ ਦੱਸਿਆ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਘਟਨਾ ਵਿੱਚ ਸ਼ਾਮਲ ਹਥਿਆਰ ਬਰਾਮਦ ਕਰ ਲਿਆ ਗਿਆ ਹੈ।
ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 24 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ 21 ਬਾਲਗ ਤੇ ਤਿੰਨ ਨਾਬਾਲਗ ਹਨ। ਰਿਪੋਰਟ 'ਚ ਦਿੱਲੀ ਪੁਲਿਸ ਨੇ ਸ਼ਨੀਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਇਹ ਘਟਨਾ ਸਮਾਜ ਵਿਰੋਧੀ ਅਨਸਰਾਂ ਦੀ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ ਜਿਸ ਨੂੰ ਦਿੱਲੀ ਪੁਲਿਸ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ।
ਦਿੱਲੀ ਪੁਲਿਸ ਨੇ ਇਸ ਰਿਪੋਰਟ ਵਿੱਚ ਦੱਸਿਆ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸਿਰਫ਼ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਮੁਤਾਬਕ ਇਸ ਮਾਮਲੇ 'ਚ ਕੁੱਲ 8 ਲੋਕ ਜ਼ਖਮੀ ਹੋਏ ਹਨ, ਮਾਮਲੇ ਦੀ ਜਾਂਚ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ ਗਈ ਹੈ।
ਮਸਜਿਦ 'ਤੇ ਭਗਵਾ ਝੰਡਾ ਲਹਿਰਾਉਣਾ ਦੀ ਗੱਲ ਗਲਤ
ਦਿੱਲੀ ਪੁਲਿਸ ਨੇ ਵੀ ਸਪੱਸ਼ਟ ਕੀਤਾ ਹੈ ਕਿ ਮਸਜਿਦ 'ਤੇ ਭਗਵਾ ਝੰਡਾ ਲਹਿਰਾਉਣ ਦੀ ਗੱਲ ਪੂਰੀ ਤਰ੍ਹਾਂ ਬੇਬੁਨਿਆਦ ਹੈ। ਦਿੱਲੀ ਪੁਲਿਸ ਦੀ ਰਿਪੋਰਟ ਅਨੁਸਾਰ ਇਸ ਮਾਮਲੇ ਵਿੱਚ ਹੁਣ ਤਕ ਜੋ ਵੀਡਿਓ ਸਾਹਮਣੇ ਆਈਆਂ ਹਨ, ਹਥਿਆਰਾਂ ਨਾਲ ਲੈਸ ਹੋਣ ਦੀਆਂ ਘਟਨਾਵਾਂ ਦੀ ਹਰ ਤਰ੍ਹਾਂ ਦੀ ਫੋਰੈਂਸਿਕ ਬੈਲਿਸਟਿਕ ਜਾਂਚ ਕੀਤੀ ਜਾ ਰਹੀ ਹੈ ਜਿਸ ਦੇ ਆਧਾਰ 'ਤੇ ਲੋਕਾਂ ਦੀ ਪੂਰੀ ਪਛਾਣ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ।