Lok Sabha Elections 2024: ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘਪਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਉਮੀਦ ਦੀ ਕਿਰਨ ਉੱਭਰ ਕੇ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਈਡੀ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਬਹਿਸ ਸੁਣਨ 'ਤੇ ਵਿਚਾਰ ਕਰੇਗੀ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੂੰ ਕਿਹਾ ਕਿ ਗ੍ਰਿਫਤਾਰੀ ਵਿਰੁੱਧ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਲਈ ਸਮਾਂ ਲੱਗ ਸਕਦਾ ਹੈ। ਇਸ ਲਈ ਅਦਾਲਤ ਅੰਤਰਿਮ ਜ਼ਮਾਨਤ ਦੇਣ 'ਤੇ ਈਡੀ ਦਾ ਪੱਖ ਸੁਣਨ 'ਤੇ ਵਿਚਾਰ ਕਰ ਰਹੀ ਹੈ। ਇਸ ’ਤੇ ਰਾਜੂ ਨੇ ਕਿਹਾ ਕਿ ਉਹ ਜ਼ਮਾਨਤ ਦੇਣ ਦਾ ਵਿਰੋਧ ਕਰਨਗੇ।


ਬੈਂਚ ਨੇ ਕਿਹਾ, 'ਅਸੀਂ ਕਹਿ ਰਹੇ ਹਾਂ ਕਿ ਅਸੀਂ ਅੰਤਰਿਮ ਜ਼ਮਾਨਤ 'ਤੇ ਸੁਣਵਾਈ ਕਰਾਂਗੇ। ਇਹ ਨਹੀਂ ਕਿਹਾ ਕਿ ਉਹ ਅੰਤਰਿਮ ਜ਼ਮਾਨਤ ਦੇਣਗੇ। ਅਸੀਂ ਜ਼ਮਾਨਤ ਦੇ ਸਕਦੇ ਹਾਂ ਜਾਂ ਨਹੀਂ। ਅਦਾਲਤ ਨੇ ਰਾਜੂ ਨੂੰ 7 ਮਈ ਨੂੰ ਤਿਆਰ ਬਹਿਸ ਲੈ ਕੇ ਆਉਣ ਲਈ ਕਿਹਾ ਹੈ। ਬੈਂਚ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ। ਕੇਜਰੀਵਾਲ 21 ਮਾਰਚ ਨੂੰ ਗ੍ਰਿਫਤਾਰੀ ਤੋਂ ਬਾਅਦ ਤੋਂ ਹੀ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।


ਉੱਥੇ ਹੀ ਦੂਜੇ ਪਾਸੇ ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਐਕਸਾਈਜ਼ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਜਵਾਬ ਮੰਗਿਆ ਹੈ। ਜਸਟਿਸ ਸਵਰਨਕਾਂਤਾ ਸ਼ਰਮਾ ਨੇ ਮਾਮਲੇ ਦੀ ਸੁਣਵਾਈ 8 ਮਈ ਨੂੰ ਤੈਅ ਕੀਤੀ ਹੈ। ਸਿਸੋਦੀਆ ਨੂੰ ਵੱਡੀ ਰਾਹਤ ਦਿੰਦਿਆਂ ਅਦਾਲਤ ਨੇ ਉਨ੍ਹਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਸਿਸੋਦੀਆ ਨੇ ਇੱਕ ਅੰਤਰਿਮ ਅਰਜ਼ੀ ਵਿੱਚ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਜਾਰੀ ਰੱਖੇ ਜਿਸ ਨਾਲ ਉਸ ਦੀਆਂ ਪਟੀਸ਼ਨਾਂ ਦੇ ਲੰਬਿਤ ਹੋਣ ਦੌਰਾਨ ਉਸ ਨੂੰ ਹਫ਼ਤੇ ਵਿੱਚ ਇੱਕ ਵਾਰ ਹਿਰਾਸਤ ਵਿੱਚ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ। ਇਸ 'ਤੇ ਈਡੀ ਦੇ ਵਕੀਲ ਨੇ ਕਿਹਾ ਕਿ ਜੇਕਰ ਹੇਠਲੀ ਅਦਾਲਤ ਦਾ ਹੁਕਮ ਜਾਰੀ ਰਹਿੰਦਾ ਹੈ ਤਾਂ ਜਾਂਚ ਏਜੰਸੀ ਨੂੰ ਸਿਸੋਦੀਆ ਦੀ ਪਤਨੀ ਨੂੰ ਮਿਲਣ ਲਈ ਹਿਰਾਸਤੀ ਪੈਰੋਲ ਦੀ ਮੰਗ ਕਰਨ 'ਤੇ ਕੋਈ ਇਤਰਾਜ਼ ਨਹੀਂ ਹੈ। ਇਸ 'ਤੇ ਜਸਟਿਸ ਸ਼ਰਮਾ ਨੇ ਬੇਨਤੀ ਸਵੀਕਾਰ ਕਰ ਲਈ।