ਨਵੀਂ ਦਿੱਲੀ: ਦਿੱਲੀ-ਐਨਸੀਆਰ 'ਚ ਬਾਰਿਸ਼ ਤੂਫਾਨ ਤੋਂ ਬਾਅਦ ਇੱਕ ਵਾਰ ਫਿਰ ਤੋਂ ਮੌਸਮ ਬਦਲ ਗਿਆ ਹੈ ਤੇ ਤਾਪਮਾਨ ਚੜ੍ਹ ਰਿਹਾ ਹੈ ਪਰ ਮੌਸਮ ਵਿਭਾਗ ਵੱਲੋਂ ਅਗਲੇ 'ਚ ਫਿਰ ਮੌਸਮ 'ਚ ਬਦਲਾਅ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਇਸ ਹਫਤੇ 'ਲੂ' ਚੱਲਣ ਦੀ ਕੋਈ ਸੰਭਾਵਨਾ ਨਹੀਂ ਤੇ ਅੱਜ ਤੋਂ ਅਗਲੇ ਦੋ ਦਿਨਾਂ ਤੱਕ ਦਿੱਲੀ-ਐਨਸੀਆਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਬੱਦਲ ਛਾਏ ਰਹਿਣਗੇ। 30 ਤੋਂ 40 ਕਿਲੋਮੀਟਰ ਪ੍ਰਤੀ ਰਫਤਾਰ ਨਾਲ ਤੇਜ਼ ਹਵਾਵਾਂ ਗਰਮੀ ਤੋਂ ਥੋੜੀ ਰਾਹਤ ਦੇਣਗੀਆਂ।



ਦੱਸ ਦਈਏ ਕਿ ਦੋ ਦਿਨ ਪਹਿਲਾਂ ਦਿੱਲੀ ਵਿੱਚ ਤੇਜ਼ ਹਨੇਰੀ ਨੇ ਕਾਫੀ ਤਬਾਹੀ ਮਚਾਈ। ਇਸੇ ਲਈ ਇਸ ਵਾਰ ਮੌਸਮ ਵਿਭਾਗ ਨੇ ਪਹਿਲਾਂ ਹੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਵੀਰਵਾਰ ਨੂੰ ਦਿੱਲੀ 'ਚ ਵੱਧ ਤੋਂ ਵੱਧ ਤਾਪਮਾਨ 42 ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਆਸਮਾਨ ਬੱਦਲਵਾਈ ਰਹੇਗਾ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਤੋਂ ਅਗਲੇ ਦੋ ਦਿਨ ਦਿੱਲੀ, ਪੰਜਾਬ ਤੇ ਹਰਿਆਣਾ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਤੇ ਉੱਤਰਾਖੰਡ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਹਿਮਾਚਲ ਤੇ ਕਸ਼ਮੀਰ ਵਿੱਚ ਭਾਰੀ ਮੀਂਹ ਪਵੇਗਾ ਅਤੇ ਮੌਨਸੂਨ ਦੇ ਸਰਗਰਮ ਹੋਣ ਕਾਰਨ ਦੱਖਣੀ ਭਾਰਤ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਕਰਨਾਟਕ, ਤਾਮਿਲਨਾਡੂ ਤੇ ਕੇਰਲ 'ਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ, ਜਦਕਿ ਅਸਾਮ, ਸਿੱਕਮ ਅਤੇ ਗੋਆ 'ਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਜਿੱਥੇ ਨਾਗਾਲੈਂਡ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਮਨੀਪੁਰ, ਕੇਰਲ, ਲਕਸ਼ਦੀਪ, ਕਰਨਾਟਕ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਦੋਂ ਕਿ ਦਿੱਲੀ, ਐਨਸੀਆਰ, ਪੰਜਾਬ ਤੇ ਹਰਿਆਣਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਰਾਜਸਥਾਨ-ਗੁਜਰਾਤ ਵਿੱਚ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ।