Weather Update: ਉੱਤਰ ਪ੍ਰਦੇਸ਼, ਬਿਹਾਰ ਸਮੇਤ ਦੇਸ਼ ਦੇ ਕੁਝ ਰਾਜਾਂ ਵਿੱਚ ਮੌਸਮ ਵਿੱਚ ਆਏ ਬਦਲਾਅ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਅਰੁਣਾਚਲ ਪ੍ਰਦੇਸ਼, ਕਰਨਾਟਕ, ਮੱਧ ਮਹਾਰਾਸ਼ਟਰ, ਤਾਮਿਲਨਾਡੂ, ਕਰਾਈਕਲ, ਕੋਂਕਣ, ਗੋਆ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਮ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦਾ ਮੌਸਮ ਵੀ ਬਦਲੇਗਾ ਪਰ ਭਾਰੀ ਬਾਰਸ਼ ਜੁਲਾਈ ਦੇ ਸ਼ੁਰੂ ਵਿੱਚ ਹੀ ਹੋਵੇਗੀ।
ਗੁਜਰਾਤ 'ਚ 23 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ 115.5-204.4 ਮਿਲੀਮੀਟਰ ਬਾਰਿਸ਼ ਦਰਜ ਕੀਤੀ ਜਾ ਸਕਦੀ ਹੈ।
ਇੱਥੇ ਹੋਵੇਗੀ ਹਲਕੀ ਬਾਰਿਸ਼ ਅਤੇ ਚੱਲਣਗੀਆਂ ਤੇਜ਼ ਹਵਾਵਾਂ
ਮੌਸਮ ਵਿਭਾਗ ਅਨੁਸਾਰ ਗੰਗਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 25-35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਉੱਤਰਾਖੰਡ ਅਤੇ ਪੂਰਬੀ ਉੱਤਰ ਪ੍ਰਦੇਸ਼ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇੱਥੇ ਅਜੇ ਵੀ ਗਰਮੀ ਤੋਂ ਕੋਈ ਰਾਹਤ ਨਹੀਂ ਮਿਲੇਗੀ
ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਵਿੱਚ 23 ਜੂਨ ਤੱਕ ਹੀਟਵੇਵ ਦੇ ਹਾਲਾਤ ਦੇਖੇ ਜਾ ਸਕਦੇ ਹਨ। ਇਸ ਤੋਂ ਇਲਾਵਾ ਰਾਜਸਥਾਨ ਅਤੇ ਉੜੀਸਾ 'ਚ ਵੀ ਭਿਆਨਕ ਗਰਮੀ ਤੋਂ ਰਾਹਤ ਨਹੀਂ ਮਿਲੀ ਹੈ। ਦਿੱਲੀ 'ਚ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ ਪਰ 30 ਜੂਨ ਤੋਂ ਪਹਿਲਾਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਕਿੱਥੇ ਅਤੇ ਕੀ ਤਾਪਮਾਨ ਕੀਤਾ ਜਾ ਰਿਹਾ ਦਰਜ ?
ਪਿਛਲੇ 24 ਘੰਟਿਆਂ ਦੌਰਾਨ ਕਾਨਪੁਰ ਵਿੱਚ ਸਭ ਤੋਂ ਵੱਧ 45.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਰੋਹਤਕ ਵਿੱਚ ਤਾਪਮਾਨ 44.8 ਡਿਗਰੀ, ਪਾਲਮ ਦਿੱਲੀ ਵਿੱਚ 44.7 ਡਿਗਰੀ, ਗੰਗਾਨਗਰ ਰਾਜਸਥਾਨ ਵਿੱਚ 44.7 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ, ਜੰਮੂ, ਡਾਲਟਨਗੰਜ, ਝਾਰਖੰਡ, ਬਿਹਾਰ ਅਤੇ ਉਤਰਾਖੰਡ ਵਿਚ ਕਈ ਥਾਵਾਂ 'ਤੇ ਤਾਪਮਾਨ 41 ਤੋਂ 43 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ।
ਯੂਪੀ 'ਚ ਕਿਹੋ ਜਿਹਾ ਰਹੇਗਾ ਮੌਸਮ?
ਉੱਤਰ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਮੌਸਮ 'ਚ ਬਦਲਾਅ ਨਾਲ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ ਹੈ। ਅਗਲੇ 24 ਘੰਟਿਆਂ ਦੌਰਾਨ ਸੂਬੇ ਦੇ ਪੂਰਬੀ ਹਿੱਸਿਆਂ 'ਚ ਕੁਝ ਥਾਵਾਂ 'ਤੇ ਮੀਂਹ ਜਾਂ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਹਿੱਸਿਆਂ 'ਚ ਇਕ-ਦੋ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।