ਅੰਮ੍ਰਿਤਸਰ: ਆਨਲਾਈਨ ਖ਼ਰੀਦਦਾਰੀ ਵਾਲੀ ਵੈੱਬਸਾਈਟ ‘ਰੈਡਬਬਲ’ ਵੱਲੋਂ ਔਰਤਾਂ ਦੇ ਰੈਡੀਮੇਡ ਕੱਪੜਿਆਂ ’ਤੇ ਪਵਿੱਤਰ ਗੁਰਬਾਣੀ ਵਿੱਚੋਂ ‘ਇੱਕ ਓਅੰਕਾਰ’ ਛਾਪਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਸਬੰਧੀ ਅਖ਼ਬਾਰ ਵਿੱਚ ਖ਼ਬਰ ਛਪਣ ਮਗਰੋਂ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੈੱਬਸਾਈਟ ਦੀ ਹਰਕਤ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀ ਕਾਰਵਾਈ ਕਰਾਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਪ੍ਰੈੱਸ ਬਿਆਨ ਵਿੱਚ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਹਰਕਤ ਸਿੱਖੀ ਸਿਧਾਂਤਾਂ ਤੇ ਰਵਾਇਤਾਂ ਨੂੰ ਢਾਹ ਲਾਉਣ ਵਾਲੀ ਹੈ। ਇਸ ਨਾਲ ਸਿੱਖ ਜਗਤ ਵਿੱਚ ਕਾਫੀ ਰੋਸ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਅਜਿਹੀਆਂ ਮੰਦਭਾਗੀਆਂ ਹਰਕਤਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਕੁਝ ਲੋਕ ਜਾਣਬੁੱਝ ਕੇ ਅਜਿਹਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਵੈੱਬਸਾਈਟਾਂ ’ਤੇ ਸਿੱਖ ਵਿਰੋਧੀ ਕਾਰਵਾਈ ਦੇ ਮਾਮਲੇ ਸਾਹਮਣੇ ਆਏ ਸਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਕਰਨ ’ਤੇ ਸਬੰਧਤਾਂ ਨੇ ਮੁਆਫ਼ੀ ਵੀ ਮੰਗੀ ਸੀ। ਇਸ ਵਾਰ ਫਿਰ ਰੈਡਬਬਲ ਨਾਂ ਦੀ ਇਸ ਵੈੱਬਸਾਈਟ ਵੱਲੋਂ 'ੴ' ਤੇ ਹੋਰ ਧਾਰਮਿਕ ਚਿੰਨ੍ਹ ਛਾਪ ਕੇ ਸੰਗਤ ਦੇ ਹਿਰਦਿਆਂ ਨੂੰ ਸੱਟ ਮਾਰੀ ਹੈ। ਇਸ ਹਰਕਤ ਵਿਰੁੱਧ ਸ਼੍ਰੋਮਣੀ ਕਮੇਟੀ ਸਖ਼ਤ ਕਾਰਵਾਈ ਕਰੇਗੀ।
ਉਨ੍ਹਾਂ ਸਰਕਾਰਾਂ ਤੇ ਸਾਈਬਰ ਕਰਾਈਮ ਵਿਭਾਗ ਨੂੰ ਵੀ ਚੁਸਤ ਹੋਣ ਲਈ ਆਖਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਵਾਰ-ਵਾਰ ਅਜਿਹੀਆਂ ਹਰਕਤਾਂ ਸਾਹਮਣੇ ਆਉਣ ਦੇ ਬਾਵਜੂਦ ਸਰਕਾਰਾਂ ਦਾ ਚੁੱਪ ਰਹਿਣਾ ਚਿੰਤਾ ਦਾ ਵਿਸ਼ਾ ਹੈ। ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਵੱਲੋਂ ਆਪਣੇ ਤੰਤਰ ਰਾਹੀਂ ਅਜਿਹੇ ਲੋਕਾਂ ’ਤੇ ਨਿਗ੍ਹਾ ਰੱਖੀ ਜਾਵੇ ਤੇ ਜੇ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
'ਰੈਡਬਬਲ' ਵੈੱਬਸਾਈਟ ਵੱਲੋਂ ਸਿੱਖ ਭਾਵਨਾਵਾਂ ਨਾਲ ਖਿਲਵਾੜ, SGPC ਵੱਲੋਂ ਨੋਟਿਸ
ਏਬੀਪੀ ਸਾਂਝਾ
Updated at:
15 May 2019 03:30 PM (IST)
ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਹਰਕਤ ਸਿੱਖੀ ਸਿਧਾਂਤਾਂ ਤੇ ਰਵਾਇਤਾਂ ਨੂੰ ਢਾਹ ਲਾਉਣ ਵਾਲੀ ਹੈ। ਇਸ ਨਾਲ ਸਿੱਖ ਜਗਤ ਵਿੱਚ ਕਾਫੀ ਰੋਸ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ।
- - - - - - - - - Advertisement - - - - - - - - -