Anti Sikh Riots: ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਹੱਤਿਆ ਕਾਂਡ ਨਾਲ ਸਬੰਧਤ ਇੱਕ ਮਾਮਲੇ ਵਿੱਚ ਮੁਲਜ਼ਮ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦੀ ਆਵਾਜ਼ ਦੇ ਨਮੂਨੇ ਸਬੰਧੀ ਫੋਰੈਂਸਿਕ ਨਤੀਜੇ ਪੇਸ਼ ਕਰਨ ਲਈ ਸੀਬੀਆਈ ਨੂੰ ਪੰਜ ਦਿਨ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ 26 ਜੁਲਾਈ ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਅਗਲੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ।



ਹਾਸਲ ਜਾਣਕਾਰੀ ਮੁਤਾਬਕ ਐਡੀਸ਼ਨਲ ਚੀਫ ਮੈਟਰੋਪੌਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਅਗਲੀ ਕਾਰਵਾਈ ਸਬੰਧੀ ਫ਼ੈਸਲਾ 26 ਜੁਲਾਈ ਤੱਕ ਟਾਲ ਦਿੱਤਾ ਹੈ। ਜੱਜਾਂ ਨੇ ਕੇਂਦਰੀ ਜਾਂਚ ਬਿਊਰੋ ਦੇ ਇਹ ਕਹਿਣ ਮਗਰੋਂ ਆਦੇਸ਼ ਜਾਰੀ ਕੀਤਾ ਕਿ ਫੋਰੈਂਸਿਕ ਸਾਇੰਸ ਲੈਬੋਰੇਟਰੀ (ਐਫਐਸਐਲ) ਦੇ ਨਤੀਜੇ ਦੀ ਅਜੇ ਉਡੀਕ ਹੈ। 


ਜੱਜ ਨੇ 21 ਜੁਲਾਈ ਨੂੰ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ, ‘‘ਆਈਓ (ਜਾਂਚ ਅਧਿਕਾਰੀ) ਦਾ ਕਹਿਣਾ ਹੈ ਕਿ ਐਫਐਸਐਲ ਨਤੀਜਿਆਂ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ। ਇਨ੍ਹਾਂ ਹਾਲਾਤਾਂ ਵਿੱਚ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਐਫਐਸਐਲ ਸਬੰਧੀ ਨਤੀਜੇ ਪ੍ਰਾਪਤ ਕਰਨ/ਪਹਿਲੂਆਂ ’ਤੇ ਵਿਚਾਰ ਕਰਨ/ਅੱਗੇ ਦੀ ਕਾਰਵਾਈ ਲਈ ਤਰੀਕ 26 ਜੁਲਾਈ ਤੈਅ ਕੀਤੀ ਹੈ।’’ 



ਸੀਬੀਆਈ ਨੇ 20 ਮਈ ਨੂੰ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਸੀ। ਸਾਲ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਇੱਕ ਦਿਨ ਬਾਅਦ ਇੱਥੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਜਣਿਆਂ ਦੀ ਹੱਤਿਆ ਕਰ ਦਿੱਤੀ ਗਈ ਸੀ ਤੇ ਇੱਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। 


ਅਦਾਲਤ ਅੱਗੇ ਪੇਸ਼ ਕੀਤੇ ਦੋਸ਼ ਪੱਤਰ ਵਿੱਚ ਸੀਬੀਆਈ ਨੇ ਕਿਹਾ ਕਿ ਟਾਈਟਲਰ ਨੇ ਇੱਕ ਨਵੰਬਰ, 1984 ਨੂੰ ਪੁਲ ਬੰਗਸ਼ ਗੁਰਦੁਆਰਾ ਆਜ਼ਾਦ ਮਾਰਕੀਟ ਵਿੱਚ ਇਕੱਠੀ ਹੋਈ ਭੀੜ ਨੂੰ ਭੜਕਾਇਆ, ਜਿਸ ਦੇ ਨਤੀਜੇ ਵਜੋਂ ਗੁਰਦੁਆਰੇ ਨੂੰ ਅੱਗ ਲਗਾਈ ਗਈ ਅਤੇ ਤਿੰਨ ਸਿੱਖਾਂ ਠਾਕੁਰ ਸਿੰਘ, ਬਾਦਲ ਸਿੰਘ ਤੇ ਗੁਰੂ ਚਰਨ ਸਿੰਘ ਦੀ ਹੱਤਿਆ ਕਰ ਦਿੱਤੀ ਗਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।