Chhattisgarh Assembly elections: ਕੇਜਰੀਵਾਲ ਜਿਥੇ ਵੀ ਜਾਂਦਾ ਹੈ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸੇ ਲਈ ਭਾਜਪਾ ਉਨ੍ਹਾਂ ਨੂੰ ਜੇਲ ਵਿਚ ਡੱਕਣਾ ਚਾਹੁੰਦੀ ਹੈ - ਮਾਨ
Chhattisgarh Assembly elections: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ..
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਅਕਲਤਾਰਾ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਛੱਤੀਸਗੜ੍ਹ ਨੂੰ ਭਾਜਪਾ ਦੇ ਡਬਲ ਇੰਜਣ ਦੀ ਨਹੀਂ ਸਗੋਂ ਕੇਜਰੀਵਾਲ ਦੇ ਨਵੇਂ ਇੰਜਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਦਿੱਲੀ ਅਤੇ ਪੰਜਾਬ 'ਚ ਕੰਮ ਕੀਤਾ ਹੈ, ਜੇਕਰ ਸਰਕਾਰ ਬਣੀ ਤਾਂ ਅਸੀਂ ਇੱਥੇ ਵੀ ਉਸੇ ਤਰ੍ਹਾਂ ਕੰਮ ਕਰਾਂਗੇ। ਇੱਥੇ ਵੀ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾਵੇਗੀ। ਅਸੀਂ ਇਲਾਜ ਲਈ ਮੁਹੱਲਾ ਕਲੀਨਿਕ ਬਣਾਵਾਂਗੇ ਅਤੇ ਬੱਚਿਆਂ ਦੀ ਪੜ੍ਹਾਈ ਲਈ ਚੰਗੇ ਸਰਕਾਰੀ ਸਕੂਲ ਬਣਾਵਾਂਗੇ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਗਾਰੰਟੀ ਭਾਜਪਾ ਵਰਗਾ ਜੁਮਲਾ ਨਹੀਂ ਹੈ। ਅਸੀਂ ਜੋ ਵਾਅਦਾ ਕਰਦੇ ਹਾਂ ਉਹ ਪੂਰਾ ਕਰਦੇ ਹਾਂ. ਅਸੀਂ ਦਿੱਲੀ ਅਤੇ ਪੰਜਾਬ ਵਿੱਚ ਜੋ ਵੀ ਵਾਅਦੇ ਕੀਤੇ, ਉਹ ਪੂਰੇ ਕੀਤੇ। ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਹਨ। ਜਦੋਂ ਕਿ ਭਾਜਪਾ ਨੇ ਪਿਛਲੇ 9 ਸਾਲਾਂ ਵਿੱਚ ਸਿਰਫ਼ ਨਾਅਰੇ ਹੀ ਲਾਏ ਹਨ।
ਮਾਨ ਨੇ ਕਿਹਾ ਕਿ ਪਿਛਲੇ ਡੇਢ ਸਾਲ ਵਿੱਚ ਅਸੀਂ ਪੰਜਾਬ ਵਿੱਚ 700 ਦੇ ਕਰੀਬ ਮੁਹੱਲਾ ਕਲੀਨਿਕ ਖੋਲ੍ਹੇ ਹਨ ਜਿਸ ਵਿੱਚ ਹੁਣ ਤੱਕ ਸੱਠ ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਅਸੀਂ ਪੰਜਾਬ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਸੀਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਅ 24 ਘੰਟਿਆਂ ਦੇ ਅੰਦਰ-ਅੰਦਰ ਮਿਲ ਜਾਂਦਾ ਹੈ।
ਭਾਜਪਾ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਦਿੱਲੀ ਅਤੇ ਪੰਜਾਬ 'ਚ ਭਾਜਪਾ ਦਾ ਸਫਾਇਆ ਕੀਤਾ, ਹੁਣ ਛੱਤੀਸਗੜ੍ਹ 'ਚ ਵੀ ਭਾਜਪਾ ਦਾ ਸਫਾਇਆ ਕਰਾਂਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜਿੱਥੇ ਵੀ ਜਾਂਦਾ ਹੈ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸ ਲਈ ਭਾਜਪਾ ਸਰਕਾਰ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ। ਅਸੀਂ ਉਹ ਲੋਕ ਹਾਂ ਜੋ ਅੰਦੋਲਨ ਤੋਂ ਨਿਕਲੇ ਹਾਂ। ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ।