Election 2024: 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ 'ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚੈਤਰ ਵਸਾਵਾ ਦੇ ਸਮਰਥਨ 'ਚ ਜਨਤਕ ਮੀਟਿੰਗ ਕੀਤੀ। ਦੋਵਾਂ ਆਗੂਆਂ ਨੇ ਭਾਜਪਾ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਵਸਾਵਾ ਅਤੇ ਉਨ੍ਹਾਂ ਦੀ ਪਤਨੀ ਨੂੰ ਗੁਜਰਾਤ ਦੀ ਭਾਜਪਾ ਸਰਕਾਰ ਨੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮਾਨ ਅਤੇ ਕੇਜਰੀਵਾਲ ਸੋਮਵਾਰ ਨੂੰ ਜੇਲ 'ਚ ਚੈਤਰਾ ਵਸਾਵਾ ਨਾਲ ਮੁਲਾਕਾਤ ਵੀ ਕਰਨਗੇ।
ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੈਤਰ ਵਸਾਵਾ ਨੂੰ ਭਾਜਪਾ ਸਰਕਾਰ ਨੇ ਆਦਿਵਾਸੀਆਂ ਅਤੇ ਗਰੀਬ ਲੋਕਾਂ ਲਈ ਲੜਨ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ ਪਰ ਜੇਲ ਜਾਣ ਨਾਲ ਉਨਾਂ ਦਾ ਹੌਂਸਲਾ ਕਮਜ਼ੋਰ ਨਹੀਂ ਹੋਵੇਗਾ, ਸਗੋਂ ਉਹ ਹੋਰ ਮਜ਼ਬੂਤ ਹੋ ਕੇ ਬਾਹਰ ਆਣਗੇ।
ਮਾਨ ਨੇ ਕਿਹਾ ਕਿ ਸਰਕਾਰਾਂ ਲਈ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਕੋਈ ਨਵੀਂ ਗੱਲ ਨਹੀਂ ਹੈ। ਆਜ਼ਾਦੀ ਦੀ ਲੜਾਈ ਦੇ ਸਮੇਂ ਤੋਂ ਹੀ ਅਜਿਹਾ ਹੁੰਦਾ ਆ ਰਿਹਾ ਹੈ। ਜਿਹੜਾ ਵੀ ਆਮ ਲੋਕਾਂ ਲਈ ਲੜਦਾ ਹੈ ਅਤੇ ਲੋਕਾਂ ਨੂੰ ਲੁੱਟਣ ਵਾਲਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਜੇਲ੍ਹ ਜਾਣਾ ਪੈਂਦਾ ਹੈ।
ਮਾਨ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਵੀ ਸਾਡੇ ਆਗੂਆਂ ਨਾਲ ਅਜਿਹਾ ਹੀ ਕੀਤਾ ਹੈ। ਜਦੋਂ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਦਿੱਲੀ ਵਿੱਚ ਪ੍ਰਾਈਵੇਟ ਸਕੂਲਾਂ ਵਿੱਚੋਂ ਆਪਣੇ ਨਾਂ ਹਟਾ ਕੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋ ਰਹੇ ਹਨ ਕਿਉਂਕਿ ਦਿੱਲੀ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹੋ ਗਏ ਹਨ।
ਇਸੇ ਤਰ੍ਹਾਂ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਰਕਾਰੀ ਹਸਪਤਾਲਾਂ ਨੂੰ ਵਧੀਆ ਕੀਤਾ। ਦਿੱਲੀ ਵਿੱਚ ਕਈ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਗਏ ਹਨ। ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਫ਼ਤ ਮਿਲਣ ਲੱਗ ਪਈਆਂ ਹਨ। ਫਿਰ ਉਨ੍ਹਾਂ ਨੇ ਸਤੇਂਦਰ ਜੈਨ ਨੂੰ ਵੀ ਜੇਲ੍ਹ ਵਿੱਚ ਡੱਕ ਦਿੱਤਾ।
ਇਨ੍ਹਾਂ ਲੋਕਾਂ ਨੇ ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਸੰਸਦ ਵਿੱਚ ਅਡਾਨੀ ਘੁਟਾਲੇ ਵਿਰੁੱਧ ਬੋਲਣ ਕਾਰਨ ਜੇਲ੍ਹ ਵਿੱਚ ਡੱਕ ਦਿੱਤਾ। ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਦੇਸ਼ ਵਿੱਚ ਜਿੱਥੇ ਵੀ ਜਾਂਦੇ ਹਨ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ। ਇਸ ਲਈ ਹੁਣ ਉਨ੍ਹਾਂ ਨੂੰ ਵੀ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਮਾਨ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸਮਝਦੇ ਹਨ ਕਿ ਉਹ ਸਾਨੂੰ ਜੇਲ 'ਚ ਰੱਖ ਕੇ ਡਰਾ ਦੇਣਗੇ ਤਾਂ ਉਹ ਗਲਤਫਹਿਮੀ 'ਚ ਹਨ। ਉਹ ਕੁੱਝ ਵੀ ਕਰ ਲੈਣ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਉਨਾਂ ਤੋਂ ਡਰਣਗੇ ਨਹੀਂ।