ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੇਰੋਲ ਨੂੰ ਲੈ ਕੇ ਜਿੱਥੇ ਸਿਆਸੀ ਆਗੂ ਵੀ ਪ੍ਰਤੀਕਿਰਿਆ ਦੇ ਰਹੇ ਹਨ। ਉੱਥੇ ਸਿਰਸਾ ਦੇ ਸਾਬਕਾ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਵੀ ਰਾਮ ਰਹੀਮ ਦੀ ਪੇਰੋਲ 'ਤੇ ਇਤਰਾਜ਼ ਜਤਾਇਆ ਹੈ।
ਅੰਸ਼ੁਲ ਛਤਰਪਤੀ ਨੇ ਹਰਿਆਣਾ ਸਰਕਾਰ ਨੂੰ ਸਖ਼ਤ ਸ਼ਬਦਾਂ 'ਚ ਕਿਹਾ ਹੈ। ਅੰਸ਼ੁਲ ਛਤਰਪਤੀ ਨੇ ਕਿਹਾ ਕਿ ਰਾਮ ਰਹੀਮ ਦੇ ਜੇਲ੍ਹ ਤੋਂ ਬਾਹਰ ਆਉਣ 'ਤੇ ਗਵਾਹਾਂ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਜਲਦੀ ਹੀ ਅਦਾਲਤ ਤੱਕ ਪਹੁੰਚ ਕਰਨਗੇ।
ਦੱਸ ਦੇਈਏ ਕਿ ਰਾਮ ਰਹੀਮ ਸਾਧਵੀ, ਸਾਬਕਾ ਪੱਤਰਕਾਰ ਰਾਮਚੰਦਰ ਛਤਰਪਤੀ ਅਤੇ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਪਿਛਲੇ 5 ਸਾਲਾਂ ਤੋਂ ਰੋਹਤਕ ਦੀ ਸੁਨਾਰੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਫਿਲਹਾਲ ਰਾਮ ਰਹੀਮ ਦੇ ਖ਼ਿਲਾਫ਼ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਮਾਮਲਾ ਵੀ ਚੱਲ ਰਿਹਾ ਹੈ।
ਜ਼ਿਕਰ ਕਰ ਦਈਏ ਕਿ ਹਰਿਆਣਾ ਸਰਕਾਰ ਨੇ ਦਿਵਾਲੀ ਤੋਂ ਪਹਿਲਾਂ 15 ਅਕਤੂਬਰ ਨੂੰ ਰਾਮ ਰਹੀਮ ਨੂੰ 40 ਦਿਨਾਂ ਦੀ ਪੇਰੋਲ ਦਿੱਤੀ ਹੈ। ਰਾਮ ਰਹੀਮ ਇਨ੍ਹੀਂ ਦਿਨੀਂ ਆਨਲਾਈਨ ਸਤਿਸੰਗ ਕਰ ਰਿਹਾ ਹੈ, ਜਿਸ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। ਹਾਲਾਂਕਿ ਸਿਆਸੀ ਚੰਦੇ ਵੀ ਆਨਲਾਈਨ ਸਤਿਸੰਗ ਰਾਹੀਂ ਰਾਮ ਰਹੀਮ ਨਾਲ ਕਾਫੀ ਜੁੜ ਰਹੇ ਹਨ, ਜਿਸ ਦੀ ਹਰ ਪਾਸੇ ਚਰਚਾ ਵੀ ਹੋ ਰਹੀ ਹੈ। ਰਾਮ ਰਹੀਮ ਨੇ ਹੁਣ ਦਿਵਾਲੀ ਵਾਲੇ ਦਿਨ ਨਵਾਂ ਗੀਤ ਲਾਂਚ ਕੀਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਐਚਸੀ ਅਰੋੜਾ ਨੇ ਰਾਮ ਰਹੀਮ ਦੀ ਪੇਰੋਲ ਸਬੰਧੀ ਹਰਿਆਣਾ ਦੇ ਮੁੱਖ ਸਕੱਤਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਰਾਮ ਰਹੀਮ ਦੀ ਪੇਰੋਲ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਰਾਮ ਰਹੀਮ ਦੇ ਦਿਵਾਲੀ 'ਤੇ ਰਿਲੀਜ਼ ਹੋਏ ਗੀਤ 'ਨਿਤ ਦੀ ਦਿਵਾਲੀ' 'ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ ਹੈ। ਵਕੀਲ ਨੇ ਕਿਹਾ ਕਿ ਪੈਰੋਲ 'ਤੇ ਬਾਹਰ ਆਏ ਡੇਰਾ ਮੁਖੀ ਨੂੰ ਪ੍ਰਸਿੱਧੀ ਹਾਸਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਅੰਸ਼ੁਲ ਛਤਰਪਤੀ ਨੇ ਕਿਹਾ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਰਾਮ ਰਹੀਮ ਦੀ ਪੇਰੋਲ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੇਰੋਲ ਨਿਯਮਾਂ ਨੂੰ ਸਖ਼ਤ ਕਰਨ ਲਈ ਨੋਟਿਸ ਲੈਣ ਦੀ ਬੇਨਤੀ ਕੀਤੀ ਹੈ। ਸਵਾਤੀ ਮਾਲੀਵਾਲ ਨੇ ਬਿਆਨ ਜਾਰੀ ਕੀਤਾ ਹੈ ਕਿ ਇਸ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਮਿਲ ਰਹੀਆਂ ਹਨ। ਅੰਸ਼ੁਲ ਛਤਰਪਤੀ ਨੇ ਕਿਹਾ ਕਿ ਡੇਰਾ ਮੁਖੀ ਰਾਮ ਰਹੀਮ ਅਤੇ ਡੇਰਾ ਪੈਰੋਕਾਰਾਂ ਦਾ ਕਿਰਦਾਰ ਲੋਕਾਂ ਨੂੰ ਧਮਕੀਆਂ ਦੇਣ ਵਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਪੇਰੋਲ ਦੇ ਕੇ ਹਰਿਆਣਾ ਸਰਕਾਰ ਰਾਮ ਰਹੀਮ ਦੀ ਮਦਦ ਕਰ ਰਹੀ ਹੈ।
ਹਾਕਮ ਧਿਰ ਦੀ ਮਿਲੀ ਭੁਗਤ ਨਾਲ ਹੁਣ ਫਿਰ ਡੇਰਾ ਪ੍ਰੇਮੀਆਂ ਵੱਲੋਂ ਹਿੰਸਕ ਘਟਨਾਵਾਂ ਨੂੰ ਅੰਜਾਮ ਦੇਣ ਦੇ ਮਨਸੂਬੇ ਵੀ ਤੇਜ਼ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀ ਇੱਕ ਵਾਰ ਫਿਰ ਹਿੰਸਕ ਘਟਨਾਵਾਂ ਨੂੰ ਅੰਜਾਮ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਰਾਮ ਰਹੀਮ ਦੇ ਜੇਲ੍ਹ ਤੋਂ ਬਾਹਰ ਆਉਣ 'ਤੇ ਗਵਾਹਾਂ ਦੀ ਜਾਨ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਰਾਮ ਰਹੀਮ ਦੀ ਪੇਰੋਲ ਖਿਲਾਫ ਅਦਾਲਤ ਦਾ ਰੁਖ ਕਰਨਗੇ।