Wrestlers Protest Today : ਸਰਕਾਰ ਨਾਲ ਗੱਲਬਾਤ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੂਨੀਆ ਦੇ ਨਾਲ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਹਨ। ਬਜਰੰਗ ਪੂਨੀਆ ਅਤੇ ਰਾਕੇਸ਼ ਟਿਕੈਤ ਤੋਂ ਥੋੜ੍ਹੀ ਦੇਰ ਬਾਅਦ ਪਹਿਲਵਾਨ ਸਾਕਸ਼ੀ ਮਲਿਕ ਅਤੇ ਉਨ੍ਹਾਂ ਦੇ ਪਤੀ ਸਤਿਆਵਰਤ ਕਾਦਿਆਨ ਵੀ ਅਨੁਰਾਗ ਠਾਕੁਰ ਦੇ ਘਰ ਪਹੁੰਚੇ ਹਨ।
ਇੱਕ ਦਿਨ ਪਹਿਲਾਂ ਮੰਗਲਵਾਰ (6 ਜੂਨ) ਨੂੰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬ੍ਰਿਜ ਭੂਸ਼ਣ ਖ਼ਿਲਾਫ਼ ਅੰਦੋਲਨ ਕਰ ਰਹੇ ਖਿਡਾਰੀਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ ਸੀ। ਅਨੁਰਾਗ ਠਾਕੁਰ ਨੇ ਟਵੀਟ ਕੀਤਾ ਸੀ ਕਿ ਸਰਕਾਰ ਪਹਿਲਵਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਉਨ੍ਹਾਂ ਨੂੰ ਇਕ ਵਾਰ ਫਿਰ ਇਸ ਲਈ ਸੱਦਾ ਭੇਜਿਆ ਹੈ।
ਸਾਕਸ਼ੀ ਮਲਿਕ ਨੇ ਮੀਟਿੰਗ ਨੂੰ ਲੈ ਕੇ ਕਹੀ ਸੀ ਇਹ ਗੱਲ
ਗੱਲਬਾਤ ਲਈ ਪਹੁੰਚਣ ਤੋਂ ਪਹਿਲਾਂ ਅੰਦੋਲਨ ਵਿਚ ਸ਼ਾਮਲ ਪਹਿਲਵਾਨ ਸਾਕਸ਼ੀ ਮਲਿਕ ਨੇ ਏਐਨਆਈ ਨਾਲ ਫ਼ੋਨ 'ਤੇ ਗੱਲ ਕੀਤੀ, ਜਿਸ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਦੇ ਪ੍ਰਸਤਾਵ 'ਤੇ ਸਾਰਿਆਂ ਦੀ ਸਹਿਮਤੀ ਤੋਂ ਬਾਅਦ ਹੀ ਫੈਸਲਾ ਕੀਤਾ ਜਾਵੇਗਾ। ਧਰਨਾ ਸਮਾਪਤ ਕਰਨ ਬਾਰੇ ਉਨ੍ਹਾਂ ਕਿਹਾ ਸੀ ਕਿ ਅਸੀਂ ਸਰਕਾਰ ਦੀ ਗੱਲ ਸੁਣਾਂਗੇ। ਅਜਿਹਾ ਨਹੀਂ ਹੋਵੇਗਾ ਕਿ ਅਸੀਂ ਸਰਕਾਰ ਦੀ ਕੋਈ ਗੱਲ ਮੰਨ ਕੇ ਆਪਣਾ ਵਿਰੋਧ ਖਤਮ ਕਰ ਦੇਈਏ।
ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਖੁਲ੍ਹਿਆ ਗੱਲਬਾਤ ਦਾ ਰਸਤਾ
ਇਸ ਤੋਂ ਪਹਿਲਾਂ 3 ਜੂਨ ਨੂੰ ਅੰਦੋਲਨਕਾਰੀ ਪਹਿਲਵਾਨਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਨੂੰ ਸਰਕਾਰ ਵੱਲੋਂ ਪਹਿਲਵਾਨਾਂ ਦੇ ਮਾਮਲੇ ਵਿੱਚ ਆਈ ਡੈੱਡਲਾਕ ਨੂੰ ਤੋੜਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਸੀ। ਗ੍ਰਹਿ ਮੰਤਰੀ ਨਾਲ ਮੁਲਾਕਾਤ ਦੇ ਦੋ ਦਿਨ ਬਾਅਦ 5 ਜੂਨ ਨੂੰ ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਆਪਣੀ ਨੌਕਰੀ ਨਾਲ ਸਬੰਧਤ ਕੰਮ ਲਈ ਰੇਲਵੇ ਦਫ਼ਤਰ ਪਹੁੰਚੇ। ਦਾਅਵਾ ਕੀਤਾ ਗਿਆ ਸੀ ਕਿ ਇਨ੍ਹਾਂ ਪਹਿਲਵਾਨਾਂ ਨੇ ਪ੍ਰਦਰਸ਼ਨ ਤੋਂ ਦੂਰੀ ਬਣਾ ਲਈ ਹੈ। ਹਾਲਾਂਕਿ ਦੋਵਾਂ ਨੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨੇ ਆਪਣੀ ਲੜਾਈ ਨਹੀਂ ਛੱਡੀ ਹੈ। ਉਨ੍ਹਾਂ ਟਵੀਟ ਕੀਤਾ ਕਿ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਦੇ ਲਈ ਨੌਕਰੀ ਵੀ ਛੱਡਣੀ ਪਈ ਤਾਂ ਛੱਡ ਦੇਵਾਂਗੇ।