ਲਖਨਊ: ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ (AIRVRC) ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ 'ਤੇ 1984 ਦੇ ਸਿੱਖ ਕਤਲੇਆਮ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਗਠਨ ਦੇ ਮੁੱਦੇ 'ਤੇ ਸਿੱਖ ਭਾਈਚਾਰੇ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਏ ਹਨ। ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਭੋਗਲ ਨੇ ਕਿਹਾ ਕਿ ਲਖਨਊ ਵਿੱਚ 28 ਅਕਤੂਬਰ ਨੂੰ ਸਿੱਖਾਂ ਦੀ ਮੀਟਿੰਗ ’ਚ ਮੁੱਖ ਮੰਤਰੀ ਨੇ ਕਤਲੇਆਮ ਦੀ ਜਾਂਚ ਲਈ ਐਸਆਈਟੀ ਕਾਇਮ ਕਰਨ ਦਾ ਦਾਅਵਾ ਕੀਤਾ ਸੀ ਪਰ ਉਨ੍ਹਾਂ ਦੀ ਸਰਕਾਰ ਵਾਰ-ਵਾਰ ਸੁਪਰੀਮ ਕੋਰਟ ਵਿੱਚ ਰਿਪੋਰਟ ਪੇਸ਼ ਕਰਨ ’ਚ ਅਸਫਲ ਰਹੀ।
ਭੋਗਲ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸੱਜਣ ਕੁਮਾਰ ਨੂੰ ਮਿਲੀ ਉਮਰ ਕੈਦ ਦੀ ਸਜ਼ਾ ਤੋਂ ਬਾਅਦ ਉਹ ਕਾਨਪੁਰ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਯਤਨ ਤੇਜ਼ ਕਰਨ ਲਈ ਪ੍ਰੇਰਿਤ ਹੋਏ ਹਨ। ਉਨ੍ਹਾਂ ਦੱਸਿਆ ਕਿ ਤਿੰਨ ਸਾਲ ਪਹਿਲਾਂ ਉਨ੍ਹਾਂ ਨੂੰ ਆਰਟੀਆਈ ਦੇ ਇੱਕ ਸਵਾਲ ਰਾਹੀਂ ਪਤਾ ਲੱਗਾ ਸੀ ਕਿ ਕਾਨਪੁਰ ਵਿੱਚ ਭਾਈਚਾਰੇ ਦੇ 127 ਲੋਕ ਮਾਰੇ ਗਏ ਸਨ। ਇਸ ਪਿੱਛੋਂ ਇੱਕ ਕਮੇਟੀ ਦੇ ਵਫ਼ਦ ਨੇ ਵੱਖ-ਵੱਖ ਥਾਣਿਆਂ ਦਾ ਦੌਰਾ ਕੀਤਾ ਜਿਸ ਦੇ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਹਿੰਸਾ ਕਰਨ ਵਾਲੇ ਬਹੁਤੇ ਲੋਕਾਂ ਦੇ ਸਾਰੇ ਰਿਕਾਰਡ ਗਾਇਬ ਹੋ ਚੁੱਕੇ ਹਨ। ਕਿਸੇ ਖ਼ਿਲਾਫ਼ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ। ਸਿਰਫ ਸਜ਼ਾ ਦਿੱਤੀ ਗਈ ਸੀ।
ਇਸ ਤੋਂ ਬਾਅਦ ਕਮੇਟੀ ਨੇ ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰ ਕੇ ਮਾਮਲੇ ਦੀ ਸੀਬੀਆਈ ਜਾਂਚ ਅਤੇ ਐਸਆਈਟੀ ਦੀ ਮੰਗ ਕੀਤੀ ਸੀ। ਸੁਪਰੀਮ ਕੋਰਟ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਇਸ ਸਬੰਧੀ ਹਲਫਨਾਮਾ ਦਾਇਰ ਕਰਨ ਲਈ ਕਿਹਾ ਸੀ। ਸਾਲ ਤੋਂ ਵੱਧ ਸਮਾਂ ਬੀਤ ਗਿਆ, ਪਰ ਹਾਲੇ ਤਕ ਕੋਈ ਹਲਫੀਆ ਬਿਆਨ ਦਰਜ ਨਹੀਂ ਕੀਤਾ ਗਿਆ ਤੇ ਨਾ ਹੀ ਐਸਆਈਟੀ ਦੀ ਰਿਪੋਰਟ ਅਦਾਲਤ ਵਿੱਚ ਭੇਜੀ ਗਈ।