ਬਰਨਾਲਾ: ਅੱਜ ਸੰਯੁਕਤ ਕਿਸਾਨ ਮੋਰਚਾ ਦੀ ਕਾਲ 'ਤੇ ਬਰਨਾਲਾ 'ਚ 32 ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ। ਬਰਨਾਲਾ ਦੇ ਸਥਾਨਕ ਰੇਲਵੇ ਸਟੇਸ਼ਨ 'ਤੇ ਪਿਛਲੇ ਸੱਤ ਮਹੀਨਿਆਂ ਤੋਂ ਚੱਲ ਰਹੇ ਪੱਕੇ ਮੋਰਚੇ 'ਚ ਅੱਜ ਡਾਕਟਰ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ 'ਤੇ ਵਿਸ਼ੇਸ਼ ਤੌਰ 'ਤੇ ਮਜ਼ਦੂਰਾਂ ਵੱਲੋਂ ਸਟੇਜ ਦਾ ਸੰਚਾਲਨ ਕੀਤਾ ਗਿਆ ਤੇ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਨਾਲ ਸਬੰਧਤ ਬੁਲਾਰਿਆਂ ਵੱਲੋਂ ਤਕਰੀਰਾਂ ਕੀਤੀਆਂ ਗਈਆਂ।


 


ਉਨ੍ਹਾਂ ਦੇ ਜੀਵਨ 'ਤੇ ਕਵੀਸ਼ਰੀ ਵੀ ਪੇਸ਼ ਕੀਤੀ ਗਈ। ਸਟੇਜ ਦਾ ਸੰਚਾਲਨ ਮਜ਼ਦੂਰ ਆਗੂਆਂ ਵੱਲੋਂ ਕੀਤਾ ਗਿਆ ਤੇ ਪੂਰੀ ਦਿਨ ਸਟੇਜ 'ਤੇ ਮਜ਼ਦੂਰ ਬੁਲਾਰਿਆਂ ਨੂੰ ਬੋਲਣ ਦਾ ਮੌਕਾ ਦਿੱਤਾ ਗਿਆ। ਇਸ ਮੌਕੇ ਮਜ਼ਦੂਰ ਤੇ ਕਿਸਾਨ ਆਗੂਆਂ ਨੇ ਦੱਸਿਆ ਕਿ ਅਸੀਂ ਸੰਯੁਕਤ ਮੋਰਚੇ ਦੀ ਕਾਲ 'ਤੇ ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾ ਰਹੇ ਹਾਂ।


 


ਮਜ਼ਦੂਰ ਆਗੂਆਂ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਮਜ਼ਦੂਰਾਂ ਦੀ ਅਹਿਮ ਭੂਮਿਕਾ ਹੈ ਤੇ ਮਜ਼ਦੂਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਸੰਘਰਸ਼ ਵਿੱਚ ਖੜੇ ਹਨ। ਉਨ੍ਹਾਂ ਕਿਹਾ ਕਿ ਖੇਤੀ ਕਨੂੰਨ ਕੱਲੇ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ ਸਗੋਂ ਸਮਾਜ ਦੇ ਹਰ ਵਰਗ ਖ਼ਾਸ ਤੌਰ 'ਤੇ ਮਜ਼ਦੂਰਾਂ 'ਤੇ ਵੀ ਇਸ ਦਾ ਉਸ ਤੋਂ ਵੱਧ ਅਸਰ ਪਵੇਗਾ। ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਅੱਜ ਦੀ ਮੌਜੂਦਾ ਸਥਿਤੀ ਵਿੱਚ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਦੇਸ਼ 'ਤੇ ਰਾਜ ਕਰ ਰਹੀ ਮੋਦੀ ਹਕੂਮਤ ਇਸ ਸੰਵਿਧਾਨ ਨੂੰ ਖ਼ਤਮ ਕਰਨ ਦੇ ਰਾਹ ਤੁਰੀ ਹੋਈ ਹੈ।


 


ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਵੱਲੋਂ ਇਕ ਦੇਸ਼ ਇਕ ਰਾਸ਼ਟਰ ਬਣਾਉਣ ਦੀ ਨੀਤੀ ਸਾਡੇ ਸੰਵਿਧਾਨ ਲਈ ਖ਼ਤਰਾ ਹੈ ਤੇ ਇਕ ਧਰਮ ਨੂੰ ਪ੍ਰਫੁੱਲਤ ਕਰਕੇ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਭ ਧਰਮਾਂ ਦਾ ਸਾਂਝਾ ਅਤੇ ਵਿਭਿੰਨਤਾ ਵਾਲਾ ਦੇਸ਼ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਅਸੀਂ ਸੰਵਿਧਾਨ ਨੂੰ ਬਚਾਉਣ ਲਈ ਵੱਖ ਵੱਖ ਤਰ੍ਹਾਂ ਦੇ ਉਪਰਾਲੇ ਕਰ ਰਹੇ ਹਨ ਜੋ ਕਾਫੀ ਲੰਮੇ ਸਮੇਂ ਤੋਂ ਜਾਰੀ ਹਨ।