ਟੋਰਾਂਟੋ : ਕੈਨੇਡਾ ਵਿੱਚ ਡਿਪੋਰਟ ਦੀ ਲਟਕ ਰਹੀ ਤਲਵਾਰ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਲੈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ। ਪਹਿਲਾਂ ਕੈਨੇਡਾ ਸਰਕਾਰ ਨੇ 700 ਦੇ ਕਰੀਬ ਇਹਨਾਂ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਸੀ ਪਰ ਹੁਣ ਟਰੂਡੋ ਸਰਕਾਰ ਨੇ ਆਪਣੇ ਪੈਰ ਪਿੱਛੇ ਖਿੱਚ ਲਏ ਹਨ ਅਤੇ ਆਪਣੇ ਹੱਥ ਇਹਨਾਂ ਵਿਦਿਆਰਥੀਆਂ ਵੱਲ ਵਧਾਏ ਹਨ। ਮਿਲੀ ਜਾਣਕਾਰੀ ਮੁਤਾਬਕ ਭਾਰਤੀ ਵਿਦਿਆਰਥੀਆਂ ਨੂੰ ਪੀ.ਆਰ ਯਾਨੀ ਪੱਕੀ ਰਿਹਾਇਸ਼ ਦੇਣ ਦਾ ਰਾਹ ਕੈਨੇਡਾ ਸਰਕਾਰ ਕੱਢੇਗੀ। 



ਪੀਐਮ ਟਰੂਡੋ ਵੀ ਵਿਦਿਆਰਥੀਆਂ ਨਾਲ


ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਪਾਰਲੀਮੈਂਟ ਵਿੱਚ ਐਲਾਨ ਕੀਤਾ ਸੀ ਕਿ  ‘ਅਸੀਂ ਇਸ ਮਾਮਲੇ ਤੋਂ ਜਾਣੂ ਹਾਂ। ਸਾਡਾ ਧਿਆਨ ਪੀੜਤਾਂ ਨੂੰ ਸਜ਼ਾ ਦੇਣ ਦੀ ਬਜਾਏ ਦੋਸ਼ੀਆਂ ਦੀ ਪਛਾਣ ਕਰਨਾ ਹੈ।’ ਪ੍ਰਧਾਨ ਮੰਤਰੀ ਨੇ ਸਿੱਖ ਮੂਲ ਦੇ ਐੱਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਦੇਸ਼ ਨਿਕਾਲਾ ਦਿੱਤੇ ਜਾਣ ਵਾਲੇ ਪੀੜਤ ਵਿਦਿਆਰਥੀਆਂ ਦੀ ਸਥਿਤੀ ਬਾਰੇ ਚਿੰਤਾਵਾਂ ਦਾ ਜਵਾਬ ਦਿੰਦਿਆਂ ਕਿਹਾ, ‘ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਤੇ ਉਸ ਦੇ ਸਮਰਥਨ ’ਚ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ‘ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੁਆਰਾ ਸਾਡੇ ਦੇਸ਼ ਵਿੱਚ ਪਾਏ ਅਥਾਹ ਯੋਗਦਾਨ ਦਾ ਸਨਮਾਨ ਕਰਦੇ ਹਾਂ ਤੇ ਅਸੀਂ ਧੋਖਾਧੜੀ ਦੇ ਪੀੜਤਾਂ ਦੀ ਸਹਾਇਤਾ ਲਈ ਵਚਨਬੱਧ ਹਾਂ। ਅਸੀਂ ਹਰ ਇੱਕ ਕੇਸ ਦਾ ਮੁਲਾਂਕਣ ਕਰਦੇ ਹਾਂ।



ਕੈਨੇਡਾ ਦਾ ਕੀ ਹੈ ਅਗਲਾ ਪਲਾਨ ? 



ਕੈਨੇਡਾ ਦੇ ਆਵਾਸ ਮੰਤਰੀ ਸ਼ੌਨ ਫਰੇਜ਼ਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਦਿਆਰਥੀਆਂ ਨੂੰ ਹੁਣ ਇਹ ਸਾਬਿਤ ਕਰਨ ਦਾ ਮੌਕਾ ਦਿੱਤਾ ਜਾਵੇਗਾ ਕਿ ਉਹਨਾਂ ਦਾ ਫਾਇਦਾ ਉਠਾਇਆ ਗਿਆ ਹੈ। ਵਿਦਿਆਰਥੀਆਂ ਦੇ ਦਾਖਲਾ ਪੱਤਰ ਜਾਅਲੀ ਹੋਣ ਬਾਰੇ ਪ੍ਰਸ਼ਾਸਨ ਨੂੰ ਮਾਰਚ ਮਹੀਨੇ ਪਤਾ ਲੱਗਿਆ ਸੀ। ਜਦੋਂ ਪੀਆਰ ਲਈ ਇਹਨਾਂ ਵਿਦਿਆਰਥੀਆਂ ਨੇ ਅਪਲਾਈ ਕੀਤਾ ਸੀ। ਸ਼ੌਨ ਫਰੇਜ਼ਰ ਨੇ ਕਿਹਾ ਕਿ ਬੇਕਸੂਰ ਵਿਦਿਆਰਥੀ, ਜੋ ਕਿ ਧੋਖਾਧੜੀ ਦਾ ਸ਼ਿਕਾਰ ਹੋਏ ਹਨ, ਉਹਨਾਂ ਨੁੰ ਇਹ ਸਾਬਿਤ ਕਰਨ ਦਾ ਕੈਨੇਡਾ ਸਰਕਾਰ ਮੌਕਾ ਦੇਵੇਗੀ ਕਿ ਕਿਵੇਂ ਉਹਨਾਂ ਦੇ ਨਾਲ ਧੋਖਾ ਹੋਇਆ ਅਤੇ ਉਹਨਾਂ ਦਾ ਫਾਇਦਾ ਚੁੱਕਿਆ ਗਿਆ। ਸਰਕਾਰ ਇਸ ਲਈ ਇੱਕ ਢੂੱਕਵਾਂ ਹੱਲ ਉਪਲਬਧ ਕਰਾਏਗੀ। ਜਿਹੜੇ ਵਿਦਿਆਰਥੀਆਂ 'ਤੇ ਡਿਪੋਰਟ ਦੀ ਤਲਵਾਰ ਲਟਕੀ ਹੋਈ ਸੀ ਉਹਨਾਂ ਵਿਚੋਂ ਵੱਡੀ ਗਿਣਤੀ ਪੰਜਾਬੀ ਵਿਦਿਆਰਥੀਆਂ ਦੀ ਹੈ। ਇਸ ਲਈ ਕੈਨੇਡਾ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਪੂਰੀ ਆਵਾਜ਼ ਉਠਾਈ ਜਾ ਰਹੀ ਹੈ।