ਮਿਸ਼ਨ ਫਤਿਹ 2.0 ਨੂੰ ਕਾਮਯਾਬ ਕਰਨ ਦੇ ਨਿਰਦੇਸ਼, ਸਿਹਤ ਵਿਭਾਗ ਨੂੰ ਦਿੱਤੇ ਇਹ ਹੁਕਮ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਸ਼ੁਰੂ ਕੀਤੇ ਮਿਸ਼ਨ ਫਤਿਹ 2.0 ਨੂੰ ਪੂਰਨ ਕਾਮਯਾਬ ਕਰਨ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਿਹਤ ਵਿਭਾਗ ਸਮੇਤ ਹੋਰ ਸਾਰੇ ਵਿਭਾਗਾਂ ਦੇ ਨਾਲ-ਨਾਲ ਜ਼ਿਲ੍ਹਾਂ ਅਧਿਕਾਰੀਆਂ ਨੂੰ ਟੈਸਟਿੰਗ, ਟਰੇਸਿੰਗ, ਇਲਾਜ ਅਤੇ ਟੀਕਾਕਰਨ ਮੁਹਿੰਮ ਨੂੰ ਹਰੇਕ ਪਿੰਡ ਦੇ ਹਰੇਕ ਘਰ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ `ਕੋਰੋਨਾ ਮੁਕਤ ਪਿੰਡ ਮੁਹਿੰਮ` ਦੀ ਕਾਮਯਾਬੀ ਲਈ ਸਾਨੂੰ ਉਹ ਸਾਰੇ ਕਦਮ ਚੁੱਕਣੇ ਪੈਣਗੇ ਜਿਸ ਨਾਲ ਪੰਜਾਬ ਦੇ ਪਿੰਡ ਕੋਰੋਨਾ ਮੁਕਤ ਕੀਤੇ ਜਾ ਸਕਣ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਸ਼ੁਰੂ ਕੀਤੇ ਮਿਸ਼ਨ ਫਤਿਹ 2.0 ਨੂੰ ਪੂਰਨ ਕਾਮਯਾਬ ਕਰਨ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਿਹਤ ਵਿਭਾਗ ਸਮੇਤ ਹੋਰ ਸਾਰੇ ਵਿਭਾਗਾਂ ਦੇ ਨਾਲ-ਨਾਲ ਜ਼ਿਲ੍ਹਾਂ ਅਧਿਕਾਰੀਆਂ ਨੂੰ ਟੈਸਟਿੰਗ, ਟਰੇਸਿੰਗ, ਇਲਾਜ ਅਤੇ ਟੀਕਾਕਰਨ ਮੁਹਿੰਮ ਨੂੰ ਹਰੇਕ ਪਿੰਡ ਦੇ ਹਰੇਕ ਘਰ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ `ਕੋਰੋਨਾ ਮੁਕਤ ਪਿੰਡ ਮੁਹਿੰਮ` ਦੀ ਕਾਮਯਾਬੀ ਲਈ ਸਾਨੂੰ ਉਹ ਸਾਰੇ ਕਦਮ ਚੁੱਕਣੇ ਪੈਣਗੇ ਜਿਸ ਨਾਲ ਪੰਜਾਬ ਦੇ ਪਿੰਡ ਕੋਰੋਨਾ ਮੁਕਤ ਕੀਤੇ ਜਾ ਸਕਣ।
ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਚੋਣਵੇਂ ਪੇਂਡੂ ਸਰਕਾਰੀ ਹਸਪਤਾਲਾਂ 'ਚ ਤੁਰੰਤ ਆਕਸੀਜਨ ਕੰਸਟਰੇਟਰ ਮੁਹੱਈਆ ਕਰਵਾਏ ਜਾਣ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜਿਹੜੇ ਵੀ ਪ੍ਰਾਈਵੇਟ ਹਸਪਤਾਲ ਕੋਵਿਡ ਮਰੀਜ਼ਾਂ ਦੀ ਲੁੱਟ ਕਰ ਰਹੇ ਹਨ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਿਹਤ ਵਿਭਾਗ ਨੂੰ ਬਲੈਕ ਫੰਗਸ ਦੇ ਇਲਾਜ ਬਾਰੇ ਮਾਹਰਾਂ ਵੱਲੋਂ ਬਣਾਏ ਪ੍ਰੋਟੋਕੋਲ ਤੁਰੰਤ ਰਾਜ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨਾਲ ਸਾਂਝਾ ਕਰਨ ਦੇ ਆਦੇਸ਼ ਵੀ ਦਿੱਤੇ।
ਸੂਬੇ 'ਚ ਕੋਵਿਡ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਨੇ ਪ੍ਰਬੰਧਕੀ ਸਕੱਤਰਾਂ, ਸਿਹਤ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਆਨਲਾਈਨ ਮੀਟਿੰਗ ਕੀਤੀ। ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੇ ਮਹਿੰਗੇ ਇਲਾਜ ਕਰਨ ਸਬੰਧੀ ਆਈਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੇ ਅਜਿਹੇ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਜੋ ਕੋਵਿਡ ਮਰੀਜ਼ਾਂ ਦੀਆਂ ਜੇਬਾਂ `ਤੇ ਡਾਕੇ ਮਾਰ ਰਹੇ ਹਨ। ਮੁੱਖ ਸਕੱਤਰ ਨੇ ਕਿਹਾ ਕਿ ਇਸ ਦੇਸ਼ ਵਿਆਪੀ ਬਿਪਤਾ ਮੌਕੇ ਕਿਸੇ ਨੂੰ ਵੀ ਮਰੀਜ਼ਾਂ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਨੈਤਿਕ ਪ੍ਰੈਕਟਿਸ ਕਰਨ ਵਾਲੇ ਹਸਪਤਾਲਾਂ ਖਿਲਾਫ ਜੇਕਰ ਲੋੜ ਪਵੇ ਤਾਂ ਐਫਆਈਆਰ ਦਰਜ ਕੀਤੀ ਜਾਵੇ ਅਤੇ ਅਜਿਹੇ ਹਸਪਤਾਲਾਂ ਦੀ ਮਾਨਤਾ ਰੱਦ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੇਂਡੂ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਪੇਂਡੂ ਖੇਤਰਾਂ ਤੇ ਕਸਬਿਆਂ ਵਿੱਚ ਚੱਲ ਰਹੇ ਕਮਿਊਨਿਟੀ ਸਿਹਤ ਕੇਂਦਰਾਂ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਆਕਸੀਜਨ ਸਹੂਲਤ ਲਈ ਆਕਸੀਜਨ ਕੰਸਟਰੇਟਰ ਮੁਹੱਈਆ ਕਰਾਉਣ ਲਈ ਵੀ ਕਿਹਾ।