ਦਮਦਮਾ ਸਾਹਿਬ: ਖ਼ਾਲਸਾ ਪੰਥ ਦੀ ਸਿਰਜਣਾ ਦਿਵਸ ਵਿਸਾਖੀ ਨੂੰ ਲੈ ਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ। ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ‘ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ। ਇਨ੍ਹਾਂ ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਕੇ ‘ਤੇ ਮੌਜੂਦ ਰਹੇ।




ਦੱਸ ਦਈਏ ਕਿ ਪੰਜ ਪਿਆਰੇ ਸਾਹਿਬਾਨਾਂ ਵੱਲੋਂ ਕੋਰੋਨਾਵਾਇਰਸ ਦੇ ਮੱਦੇਨਜ਼ਰ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰੂਘਰਾਂ ‘ਚ ਵੱਡੇ ਇਕੱਠ ਨਾ ਕਰਨ ਦੇ ਹੁਕਮ ਦਿੱਤੇ ਗਏ ਸੀ। ਜਿਸ ਕਰਕੇ ਸਮਾਗਮਾਂ ‘ਚ ਸ੍ਰੀ ਤਖ਼ਤ ਸਾਹਿਬ ਦਾ ਸਟਾਫ ਹੀ ਹਜ਼ਾਰ ਸੀ। ਇਸ ਦੇ ਨਾਲ ਹੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਘਰਾਂ ‘ਚ ਰਹਿ ਕੇ ਵੈਸਾਖੀ ਦਾ ਤਿਓਹਾਰ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕੀ ਤਖ਼ਤ ਸਾਹਿਬ ਤੋਂ ਵਿਸਾਖੀ ਸਮਾਗਮ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ, ਯਾਨੀ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਤਖ਼ਤ ਸਾਹਿਬ ਤੋਂ ਪੰਥ ਦੇ ਪ੍ਰਸਿੱਧ ਰਾਗੀ ਪ੍ਰਚਾਰਕ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ।



ਉਧਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿੰਘ ਸਾਹਿਬ ਨੇ 12 ਅਪਰੈਲ ਨੂੰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸਮੂੰਹ ਸੰਗਤਾਂ ਨੂੰ ਆਪੋ ਆਪਣੇ ਘਰਾਂ ‘ਚ ਸਵੇਰੇ 11 ਵਜੇ ਮੂਲ ਮੰਤਰ ਸਾਹਿਬ ਦੇ ਜਾਪ ਕਰਨ ਦੇ ਆਦੇਸ਼ ਵੀ ਦਿੱਤੇ।