ਸਾਂਝਾ ਅਧਿਆਪਕ ਮੋਰਚਾ ਵੱਲੋਂ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦਾ ਘਿਰਾਓ, ਪੁਲਿਸ ਬੈਰੀਕੇਡ ਤੋੜੇ, ਪੁਲਿਸ ਨਾਲ ਧੱਕਾ-ਮੁੱਕੀ
ਸਾਂਝਾ ਅਧਿਆਪਕ ਮੋਰਚਾ ਨੇ ਲੁਧਿਆਣਾ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ।
ਲੁਧਿਆਣਾ: ਲਗਾਤਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੈਪਟਨ ਸਰਕਾਰ ਖਿਲਾਫ ਤਨਖਾਹ ਕਮਿਸ਼ਨ ਦੇ ਵਿਰੋਧ ਵਿੱਚ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ, ਉੱਥੇ ਹੀ ਸਾਂਝਾ ਅਧਿਆਪਕ ਮੋਰਚਾ ਨੇ ਲੁਧਿਆਣਾ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ਦਾ ਘਿਰਾਓ ਕੀਤਾ।
ਇਸ ਦੌਰਾਨ ਅਧਿਆਪਕਾਂ ਨੇ ਜੰਮ ਕੇ ਮੰਤਰੀ ਆਸ਼ੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਧਿਆਪਕਾਂ ਵੱਲੋਂ ਗਰਮੀ ਵਿੱਚ ਵੀ ਆਸ਼ੂ ਦੇ ਘਰ ਬਾਹਰ ਡੇਰਾ ਲਾ ਕੇ ਲਗਪਗ ਦੋ ਤਿੰਨ ਘੰਟੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅੱਜ ਟੀਚਰ ਵਰਗ ਪ੍ਰੇਸ਼ਾਨ ਹੈ ਤੇ ਵਿਧਾਇਕ ਪੈਨਸ਼ਨਾਂ ਦਾ ਆਨੰਦ ਮਾਣ ਰਹੇ ਹਨ।
ਅਧਿਆਪਕ ਮੋਰਚਾ ਦੇ ਆਗੂਆਂ ਨੇ ਕਿਹਾ ਮੁੱਖ ਮੰਗਾਂ ਅਧਿਆਪਕਾਂ ਦੀਆਂ ਤਨਖਾਹਾਂ ਵਧਾਉਣਾ ਤੇ ਉਨ੍ਹਾਂ ਦੀਆਂ ਪੈਨਸ਼ਨਾਂ ਦੀ ਬਹਾਲੀ ਕਰਨਾ ਹੈ। ਉਨ੍ਹਾਂ ਕਿਹਾ ਕਿ ਜੋ ਅਧਿਆਪਕਾਂ ਦੀਆ ਤਨਖ਼ਾਹਾਂ ਵਧਾਈਆਂ ਗਈਆਂ ਸਨ, ਉਸ ਤੇ ਕੱਟ ਲਾ ਦਿੱਤਾ ਗਿਆ ਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਵੀ ਕਟੌਤੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਬਣਨ ਤੇ ਪੈਨਸ਼ਨ ਲੱਗ ਜਾਂਦੀ ਹੈ ਪਰ ਅਧਿਆਪਕਾਂ ਨਾਲ ਅਜਿਹਾ ਸਲੂਕ ਕਿਉਂ ਕੀਤਾ ਜਾਂਦਾ ਹੈ। ਇਸ ਦੌਰਾਨ ਸਾਂਝਾ ਅਧਿਆਪਕ ਮੋਰਚਾ ਨੇ ਕਿਹਾ ਕਿ ਉਹ ਆਉਂਦੇ ਦਿਨਾਂ ਵਿੱਚ ਪਟਿਆਲਾ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਤੇ ਆਪਣੇ ਹੱਕੀ ਮੰਗਾਂ ਦੀ ਲੜਾਈ ਲੜਨਗੇ। ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਭਰ ਦੇ ਕੈਬਨਿਟ ਮੰਤਰੀਆਂ ਦਾ ਅੱਜ ਘਿਰਾਓ ਕਰ ਰਹੇ ਹਨ।