ਚੰਡੀਗੜ੍ਹ: ਜਸਟਿਸ ਰਣਜੀਤ ਸਿੰਘ ਵੱਲੋਂ ਲਿਖੀ ਗਈ ਚਿੱਠੀ 'ਚ ਬਹਿਬਲ ਕਲਾਂ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਪਿੱਛੇ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਜਸਟਿਸ ਰਣਜੀਤ ਸਿੰਘ ਨੇ ਲਿਖੀ ਚਿੱਠੀ 'ਚ ਸਪੱਸ਼ਟ ਕੀਤਾ ਕਿ ਜ਼ੋਰਾ ਸਿੰਘ ਕਮਿਸ਼ਨ ਦੌਰਾਨ ਵੀ ਸੁਰਜੀਤ ਸਿੰਘ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਦੇ ਬਾਵਜੂਦ ਜਸਟਿਸ ਰਣਜੀਤ ਸਿੰਘ ਕਮਿਸ਼ਨ 'ਚ ਉਸ ਨੂੰ ਮੁੱਖ ਗਵਾਹ ਰੱਖਿਆ ਗਿਆ।


ਸੁਰਜੀਤ ਸਿੰਘ ਦੀ ਗਵਾਹੀ ਹੋਣ ਤੋਂ ਬਾਅਦ ਤਫ਼ਤੀਸ਼ ਅੱਗੇ ਵਧਦੀ ਰਹੀ। ਇਸ ਦੇ ਨਾਲ ਹੀ ਉਸ ਸਮੇਂ ਜਸਟਿਸ ਰਣਜੀਤ ਸਿੰਘ ਨੇ ਪੰਜਾਬ ਦੇ ਡੀਜੀਪੀ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੁਰਜੀਤ ਸਿੰਘ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਮੁੱਦਾ ਚੁੱਕਿਆ ਪਰ ਕੋਈ ਅਸਰ ਨਹੀਂ ਹੋਇਆ।

ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਚਿੱਠੀ ਲਿੱਖ ਮੰਗ ਕੀਤੀ ਕਿ ਜਿਨ੍ਹਾਂ ਖਿਲਾਫ ਸੁਰਜੀਤ ਸਿੰਘ ਵੱਲੋਂ ਸ਼ਿਕਾਇਤ ਦਰਜ ਕੀਤੀ ਗਈ ਸੀ, ਉਨ੍ਹਾਂ ਦਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਨੇ ਸ਼ਿਕਾਇਤ ਲੈ ਕੇ ਅੱਗੇ ਕੋਈ ਕਾਰਵਾਈ ਨਹੀਂ ਵਧਾਈ ਉਨ੍ਹਾਂ ਖਿਲਾਫ ਵੀ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ।

ਜਸਟਿਸ ਰਣਜੀਤ ਸਿੰਘ ਨੇ ਚਿੱਠੀ ਦੇ ਵਿੱਚ ਸਪੱਸ਼ਟ ਕੀਤਾ ਕਿ ਪੁਲਿਸ 'ਚ ਐਸਐਸਪੀ ਫ਼ਰੀਦਕੋਟ ਤੇ ਬਿਜਲੀ ਵਿਭਾਗ ਦੇ ਕਈ ਅਧਿਕਾਰੀਆਂ ਨਾਲ ਇਸ ਮਸਲੇ 'ਤੇ ਚਰਚਾ ਕੀਤੀ ਗਈ ਸੀ।