ਅੰਮ੍ਰਿਤਸਰ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੌਕਡਾਊਨ ਲਾਗੂ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਰੈਲੀਆਂ ਕਰਨ ਵਾਲੇ ਅਕਾਲੀ ਦਲ ਦੇ ਲੀਡਰ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਅਕਾਲੀ ਦਲ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਿਹਾ ਹੈ। ਭਲਕੇ ਤੋਂ ਉਨ੍ਹਾਂ 'ਤੇ ਕੇਸ ਦਰਜ ਕੀਤੇ ਜਾਣਗੇ।
ਉਨ੍ਹਾਂ ਕਿਹਾ ਦਿਨ ਵੇਲੇ ਅਕਾਲੀ ਦਲ ਰੈਲੀਆਂ 'ਚ ਕੋਰੋਨਾ ਨਾਲ ਲੈ ਕੇ ਘੁੰਮਦਾ ਹੈ। ਸਿੱਧੂ ਮੁਤਾਬਕ ਵਿਆਹ-ਸ਼ਾਦੀਆਂ 'ਚ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਰਾਤ ਦਾ ਕਰਫਿਊ ਲਗਾਇਆ ਗਿਆ ਹੈ। ਕੇਂਦਰੀ ਮੰਤਰੀ ਹਰਸ਼ਵਰਧਨ ਦੇ ਪਲਟਵਾਰ ਕਰਦਿਆਂ ਉਨ੍ਹਾਂ ਕਿਹਾ, ਹਰਸ਼ਵਰਧਨ ਦੱਸਣ ਕਿ ਕਿਸਾਨਾਂ ਨੂੰ ਧਰਨੇ ਲਗਾਉਣ ਲਈ ਮਜਬੂਰ ਕਿਸ ਨੇ ਕੀਤਾ ਹੈ। ਕੇਂਦਰ ਕਿਸਾਨਾਂ ਦੀ ਮੰਗ ਨੂੰ ਪੂਰਾ ਕਰੇ ਤਾਂ ਜੋ ਉਹ ਆਪਣੇ ਘਰਾਂ ਨੂੰ ਪਰਤ ਸਕਣ।
ਬਲਬੀਰ ਸਿੱਧੂ ਨੇ ਕਿਹਾ ਪੰਜਾਬ 'ਚ ਲੌਕਡਾਊਨ ਲਾਗੂ ਨਹੀਂ ਕੀਤਾ ਜਾਏਗਾ।ਨਾਲ ਹੀ ਪੈਟਰੋਲ ਅਤੇ ਡੀਜ਼ਲ 'ਤੇ ਲਗਾਏ ਗਏ ਨਵੇਂ ਟੈਕਸ 'ਤੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਵਿੱਤ ਮੰਤਰੀ ਨਾਲ ਗੱਲ ਕਰਨ ਉਹ ਹੀ ਇਸ ਬਾਰੇ ਦੱਸ ਸਕਦੇ ਹਨ।
ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਤੋਂ ਕਾਫੀ ਖਫਾ ਹਨ। ਉਨ੍ਹਾਂ ਨੇ ਅੱਜ 30 ਅਪ੍ਰੈਲ ਤਕ ਰਾਜਨੀਤਕ ਰੈਲੀਆਂ 'ਤੇ ਪੂਰਨ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿਆਸੀ ਇਕੱਠਾਂ 'ਤੇ ਪਾਬੰਦੀ ਲਾਉਣ ਦੇ ਹੁਕਮ ਦੇਣ ਲਈ ਮਜਬੂਰ ਹਨ, ਕਿਉਂਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਜਿਹੇ ਸਮਾਗਮ ਕਰਨ ਤੋਂ ਗੁਰੇਜ਼ ਕਰਨ ਦੀਆਂ ਉਨ੍ਹਾਂ ਦੀਆਂ ਬੇਨਤੀਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਦਿਨਾਂ 'ਚ ਸੂਬੇ ਅੰਦਰ ਕੋਈ ਰੈਲੀ ਜਾਂ ਜਨਤਕ ਪ੍ਰੋਗਰਾਮ ਨਹੀਂ ਕੀਤਾ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕੁਝ ਹੋਰ ਸਿਆਸੀ ਪਾਰਟੀਆਂ ਕੋਰੋਨਾ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੇ ਬਗੈਰ ਵੱਡੀ-ਵੱਡੀ ਸਿਆਸੀ ਰੈਲੀਆਂ ਕਰ ਰਹੇ ਹਨ।