ਮਨਵੀਰ ਕੌਰ ਰੰਧਾਵਾ


ਚੰਡੀਗੜ੍ਹ: ਪੰਜਾਬ ਸਰਕਾਰ ਦੇ ਬਜਟ ਇਜਲਾਸ ਦਾ ਅੱਜ ਚੌਥਾ ਦਿਨ ਹੈ। ਇਸ ਦੌਰਾਨ ਅੱਜ ਵੀ ਪੰਜਾਬ ਵਿਧਾਨ ਸਭਾ ਦੇ ਬਾਹਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਲੀਡਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਦਲ ਨੇ ਸੂਬੇ 'ਚ ਬੇਰੁਜ਼ਗਾਰੀ ਦਾ ਮੁੱਦਾ ਜ਼ੋਰਸ਼ੋਰ ਨਾਲ ਚੁੱਕਿਆ।

ਇਸ ਦੇ ਨਾਲ ਹੀ ਕੈਪਟਨ ਨੇ ਵਿਧਾਨ ਸਭਾ 'ਚ ਅੱਜ ਨੌਜਵਾਨਾਂ ਨੂੰ ਸਮਾਰਟਫੋਨ ਨਾ ਦੇਣ ਦਾ ਕਾਰਨ ਵੀ ਦੱਸਿਆ, ਜਿਸ ਤੋਂ ਬਾਅਦ ਉਹ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਚੀਨ ਵਿੱਚ ਕੋਰੋਨਾਵਾਇਰਸ ਕਰਕੇ ਉਨ੍ਹਾਂ ਨੇ ਅਜੇ ਤਕ ਨੌਜਵਾਨਾਂ ਨੂੰ ਸਮਾਰਟਫੋਨ ਨਹੀਂ ਵੰਡੇ।

ਕੈਪਟਨ ਦੇ ਇਸ ਬਹਾਨੇ 'ਤੇ ਨਿਸ਼ਾਨਾ ਸਾਧਦੇ ਹੋਏ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਕਿਹਾ ਕਿ ਅੱਜ ਤਕ ਸੂਬੇ ਦੇ ਲੋਕਾਂ ਨੇ ਇੰਨੀ ਗੱਪੀ ਸਰਕਾਰ ਨਹੀਂ ਵੇਖੀ। ਮਜੀਠੀਆ ਨੇ ਕਿਹਾ ਕਿ ਕੋਰੋਨਾ ਵਾਇਰਸ ਦਾ ਖੌਫ ਦਿਖਾਕੇ ਸਮਾਰਟਫੋਨ ਨਾ ਦੇਣ ਦਾ ਬਹਾਨਾ ਬਣਾਇਆ ਜਦਕਿ ਸਰਕਾਰ ਬਣੇ ਨੂੰ ਤਿੰਨ ਸਾਲ ਹੋ ਚੁੱਕੇ ਹਨ।

ਇਸ ਦੇ ਨਾਲ ਹੀ ਮਜੀਠੀਆ ਨੇ ਸਿੱਖਿਆ ਤੇ ਸਿਹਤ ਦੇ ਮੁੱਦਿਆਂ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜਿਵੇਂ ਨਸ਼ਾ ਛੁਡਾਉ ਕੇਂਦਰ ਤੋਂ ਦਵਾਈਆਂ ਗਾਇਬ ਹੋਈਆਂ ਸਰਕਾਰ ਉਸ 'ਤੇ ਜਵਾਬ ਦੇਣ ਤੋਂ ਭੱਜ ਰਹੀ ਹੈ।