ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਇੱਕ ਅਜਿਹੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇੱਕ ਵਿਅਕਤੀ ਨੂੰ ਨਹਿਰ ਵਿੱਚ ਸੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਫਿਰੋਜ਼ਪੁਰ ਦੇ ਪਿੰਡ ਵਾੜਾ ਭਾਈਕਾ ਵਿਖੇ ਲਖਵੀਰ ਸਿੰਘ ਨੂੰ ਨਹਿਰ ਵਿੱਚ ਧੱਕਾ ਦੇ ਕੇ ਕਤਲ ਕਰਨ ਵਾਲੇ ਮੁਲਜ਼ਮ ਸੁਖਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

 

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਲਖਵੀਰ ਸਿੰਘ ਦੇ ਬੇਟੇ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਪਿੰਡ ਡੋਡ ਵਿੱਚ ਘੋੜੇ ਟਰਾਲੇ ਦੇ ਡਰਾਈਵਰ ਸੀ ਅਤੇ ਮੁਲਜ਼ਮ ਸੁਖਦੀਪ ਸਿੰਘ ਵੀ ਸਹਾਇਕ ਡਰਾਈਵਰ ਲੱਗਾ ਹੋਇਆ ਸੀ। ਬੀਤੇ ਦਿਨ ਸੁਖਦੀਪ ਸਿੰਘ ਮੋਟਰਸਾਈਕਲ 'ਤੇ ਉਨ੍ਹਾਂ ਦੇ ਘਰ ਆਇਆ ਅਤੇ ਉਸ ਦੇ ਪਿਤਾ ਨੂੰ ਕਹਿਣ ਲੱਗਾ ਕਿ ਆਪਾਂ ਦੋਵੇਂ ਘੋੜੇ ਟਰਾਲੇ ਦੇ ਮਾਲਕ ਨਾਲ ਇਕੱਠਾ ਹਿਸਾਬ ਕਰਨ ਲਈ ਪੈਸੇ ਲੈਣ ਜਾਣਾ ਹੈ ਤੇ ਮ੍ਰਿਤਕ ਨੂੰ ਆਪਣੇ ਮੋਟਰਸਾਈਕਲ 'ਤੇ ਨਾਲ ਲੈ ਗਿਆ।

 

ਉਸ ਨੇ ਦੱਸਿਆ ਕਿ ਸੁਖਦੀਪ ਸਿੰਘ ਨੇ ਉਨ੍ਹਾਂ ਦੇ ਸਿਰ 'ਚ ਸੱਟ ਮਾਰੀ ਤੇ ਨਹਿਰ ਵਿੱਚ ਧੱਕਾ ਦੇ ਦਿੱਤਾ। ਜਿਸ ਨਾਲ ਲਖਵੀਰ ਸਿੰਘ ਦੀ ਨਹਿਰ 'ਚ ਡੁੱਬਣ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਮੁਲਜ਼ਮ ਮੋਟਰਸਾਈਕਲ 'ਤੇ ਫਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਆਈਪੀਸੀ ਦੀ ਧਾਰਾ 302 ਤਹਿਤ ਮੁਕੱਦਮਾ ਦਰਜ ਕਰਕੇ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।