ਲੁਧਿਆਣਾ: ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਪ੍ਰਧਾਨ ਰਾਜਵਿੰਦਰ ਕੌਰ ਥਿਆਰਾ ਨੇ "ਮੀਟੂ" ਮਾਮਲੇ 'ਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੂੰ ਆਪਣੇ ਪੁਰਾਣੇ ਸਟੈਂਡ 'ਤੇ ਕਾਇਮ ਰਹਿਣ ਦੀ ਨਸੀਹਤ ਦਿੱਤੀ ਹੈ। ਉਹ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਮਹਿਲਾ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ ਸਨ। ਹਾਲਾਂਕਿ ਇਸ ਦੌਰਾਨ ਪਾਰਟੀ ਜ਼ਿਲ੍ਹਾ ਪ੍ਰਧਾਨ ਦੀ ਨਾਰਾਜ਼ਗੀ ਵੀ ਸਾਫ਼ ਤੌਰ 'ਤੇ ਨਜ਼ਰ ਆਈ।

 

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ 'ਆਪ' ਮਹਿਲਾ ਵਿੰਗ ਪੰਜਾਬ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 'ਚ ਮਹਿਲਾ ਵਿੰਗ ਮਜ਼ਬੂਤੀ ਨਾਲ ਕੰਮ ਕਰ ਰਿਹਾ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੇਗੀ। ਇਸ ਦੌਰਾਨ ਉਹ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਲੈ ਕੇ ਇਨ੍ਹੀਂ ਦਿਨੀਂ ਇਕ ਵਾਰ ਫਿਰ ਤੋਂ ਉਠੇ 'ਮੀਟੂ' ਦੇ ਵਿਵਾਦ ਦੇ ਸਬੰਧ 'ਚ ਵੀ ਵਰ੍ਹੇ। 

 

ਉਨ੍ਹਾਂ ਕਿਹਾ ਕਿ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਵਾਸਤੇ ਬਣੀ ਹੈ ਅਤੇ ਮਨੀਸ਼ਾ ਗੁਲਾਟੀ ਨੂੰ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ। ਇਸ ਦੌਰਾਨ ਵਿੰਗ ਵਿਚ ਜ਼ਿਲ੍ਹਾ ਪ੍ਰਧਾਨ ਦੀ ਨਾਰਾਜ਼ਗੀ ਵੀ ਦੇਖਣ ਨੂੰ ਮਿਲੀ ਅਤੇ ਲੁਧਿਆਣਾ ਦੇ ਪ੍ਰਧਾਨ ਨੀਤੂ ਵੋਹਰਾ ਪਾਰਟੀ ਤੋਂ ਨਾਰਾਜ਼ ਨਜ਼ਰ ਆਏ। ਹਾਲਾਂਕਿ ਇਸ ਦੌਰਾਨ ਉਹ ਮੀਡੀਆ ਸਾਹਮਣੇ ਖੁੱਲ੍ਹ ਕੇ ਬੋਲਣ ਤੋਂ ਬਚੇ, ਪਰ ਉਨ੍ਹਾਂ ਦੀ ਨਾਰਾਜ਼ਗੀ ਸਾਫ ਤੌਰ 'ਤੇ ਨਜ਼ਰ ਆ ਰਹੀ ਸੀ।

 

ਕੱਲ੍ਹ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਵਿੱਚ ਡੈਫ ਡੇ ਵੀਕ 'ਚ ਮਹਿਲਾ ਕਮਿਸ਼ਨ ਚੇਅਰਪਰਸਨ ਮਨੀਸ਼ਾ ਗੁਲਾਟੀ ਸ਼ਿਰਕਤ ਕਰਨ ਲਈ ਪਹੁੰਚੇ। ਇਸ ਪ੍ਰੋਗਰਾਮ 'ਚ ਪਹੁੰਚ ਕੇ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋਈ ਹੈ। ਇਸ ਦੌਰਾਨ ਜਦੋਂ ਮਨੀਸ਼ਾ ਗੁਲਾਟੀ ਨੂੰ ਪੱਤਰਕਾਰਾਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਸਵਾਲ ਪੁੱਛਿਆ ਕਿ ਉਨ੍ਹਾਂ 'ਤੇ ਪਿਛਲੇ ਸਮੇਂ ਦੌਰਾਨ ਮਹਿਲਾ ਕਮਿਸ਼ਨ 'ਚ ਸ਼ਿਕਾਇਤ ਦਰਜ ਹੋਈ ਸੀ।

 

ਇਸ ਬਾਰੇ ਮਨੀਸ਼ਾ ਗੁਲਾਟੀ ਨੇ ਕਿਹਾ ਸੀ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਉਹ ਭੁੱਖ ਹੜਤਾਲ 'ਤੇ  ਬੈਠਣਗੇ। ਤਾਂ ਮਨੀਸ਼ਾ ਗੁਲਾਟੀ ਨੇ ਮੀਡੀਆ ਵੱਲ ਪਿੱਠ ਕਰਦੇ ਹੋਏ ਕਿਹਾ ਕਿ ਅਜਿਹੇ ਸਵਾਲ ਨਾ ਪੁੱਛਿਆ ਕਰੋ। ਸਾਫ਼ ਤੌਰ ਤੇ ਮਨੀਸ਼ਾ ਗੁਲਾਟੀ ਮੀਡੀਆ ਤੋਂ ਭੱਜਦੀ ਹੋਈ ਨਜ਼ਰ ਆਈ।