ਗੁਰਦਾਸਪੁਰ: ਪੂਰੇ ਪੰਜਾਬ 'ਚ ਕੇਂਦਰ ਸਰਕਾਰ ਖਿਲਾਫ਼ ਖੇਤੀ ਆਰਡੀਨੈਂਸ ਬਿੱਲ ਦੇ ਵਿਰੋਧ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਡੇਮੋਕ੍ਰੇਟਿਕ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੇ ਇਨ੍ਹਾਂ ਕਾਨੂੰਨ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਆਰਡੀਨੈਂਸ ਬਿੱਲ ਆਉਣ ਨਾਲ ਕਿਸਾਨ ਤਬਾਹ ਹੋ ਜਾਣਗੇ, ਜਿਮੀਦਾਰ ਖ਼ਤਮ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਖੇਤੀ ਆਰਡੀਨੈਂਸ ਕਾਨੂੰਨ ਦੇ ਵਿਰੋਧ 'ਚ 23 ਸਤੰਬਰ ਨੂੰ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਸੇਖਵਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਦੇ ਨਾਲ ਹੀ ਸੇਖਵਾਂ ਨੇ ਕਿਹਾ ਕਿ ਦੇਸ਼ ਦਾ 80 ਫੀਸਦੀ ਵਰਗ ਸਿੱਧੇ ਅਤੇ ਅਸਿੱਧੇ ਤੌਰ 'ਤੇ ਕਿਸਾਨੀ ਨਾਲ ਜੁੜਿਆ ਹੈ।
ਸਭ ਕੁਝ ਪ੍ਰਭਾਵਿਤ ਹੋਵੇਗਾ, ਇਸ ਰੋਸ ਵਜੋਂ ਉਨ੍ਹਾਂ ਦੀ ਪਾਰਟੀ ਵਲੋਂ ਇਕ ਵਿਸ਼ਾਲ ਰੋਸ ਮਾਰਚ ਗੁਰਦਾਸਪੁਰ ਦੇ ਪਿੰਡ ਸੇਖਵਾਂ ਤੋਂ ਸ਼ੁਰੂ ਹੋ ਕੇ ਪਿੰਡਾਂ ਅਤੇ ਕਸਬਿਆਂ 'ਚੋ ਹੁੰਦਾ ਹੋਇਆ ਡੀ ਸੀ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪੇਗਾ। ਨਾਲ ਹੀ ਉਨ੍ਹਾਂ ਸਮੂਹ ਕਿਸਾਨਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ|