ਸ੍ਰੀਨਗਰ: ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਹੋ ਗਈ ਹੈ। ਸੂਬਾ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਦੋਵਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਹੈ। ਇਸ ਦੌਰਾਨ ਵੱਡਾ ਸਵਾਲ ਇਹ ਹੈ ਕਿ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਤੇ ਸ੍ਰੀਨਗਰ ਤੋਂ ਸੰਸਦ ਮੈਂਬਰ ਫਾਰੂਕ ਅਬਦੁੱਲਾ ਕਿੱਥੇ ਹਨ? ਐਨਸੀਪੀ ਨੇਤਾ ਸੁਪ੍ਰੀਆ ਸੁਲੇ ਨੇ ਲੋਕ ਸਭਾ ਵਿੱਚ ਇਹੀ ਸਵਾਲ ਚੁੱਕਿਆ, ਜਿਸ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਆਪਣੇ ਘਰ ਵਿੱਚ ਹਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।


ਇਸੇ ਦੌਰਾਨ ਫਾਰੂਕ ਅਬਦੁੱਲਾ ਨੇ ਟਾਈਮਜ਼ ਨਾਓ ਤੇ ਐਨਡੀਟੀਵੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਗਲਤ ਬੋਲ ਰਹੇ ਹਨ, ਦਰਅਸਲ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਉਨ੍ਹਾਂ ਡਾਕਟਰ ਕੋਲ ਵੀ ਜਾਣ ਦੀ ਕੋਸ਼ਿਸ਼ ਕੀਤੀ, ਪਰ ਜਾਣ ਨਹੀਂ ਦਿੱਤਾ ਗਿਆ। ਉਨ੍ਹਾਂ ਦੇ ਘਰ ਦੇ ਬਾਹਰ ਡੀਐਸਪੀ ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸੀ।


ਲੋਕ ਸਭਾ ਵਿੱਚ ਜਦ ਸੁਪ੍ਰੀਆ ਸੁਲੇ ਨੇ ਫਾਰੂਕ ਅਬਦੁੱਲਾ ਬਾਰੇ ਪੁੱਛਿਆ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਾਂ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਨਾ ਹੀ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਆਪਣੀ ਮਰਜ਼ੀ ਨਾਲ ਘਰ ਵਿੱਚ ਹਨ।


ਦੱਸ ਦੇਈਏ ਸੋਮਵਾਰ ਨੂੰ ਜੰਮੂ-ਕਸ਼ਮੀਰ 'ਤੇ ਫੈਸਲਾ ਲੈਣ ਤੋਂ ਇੱਕ ਦਿਨ ਪਹਿਲਾਂ ਅੱਧੀ ਰਾਤ ਨੂੰ ਵੱਡੇ ਲੀਡਰਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਲੀਡਰਾਂ ਨੂੰ ਅਗਲੇ ਦਿਨ ਗ੍ਰਿਫ਼ਤਾਰ ਕਰ ਲਿਆ ਗਿਆ। ਇਨ੍ਹਾਂ ਵਿੱਚ ਉਮਰ ਅਬਦੁੱਲਾ, ਮਹਿਬੂਬਾ ਮੁਫਤੀ ਤੇ ਸੱਜਾਦ ਲੋਨ ਵਰਗੇ ਨੇਤਾ ਸ਼ਾਮਲ ਹਨ।