ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨੀਟ ਤੇ ਜੇਈਈ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਸੁਪਰੀਮ ਕੋਰਟ ਦਾ ਰੁੱਖ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਸਮੂਹ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਸੁਪਰੀਮ ਕੋਰਟ ਵਿੱਚ ਪਹੁੰਚਣ ਤੇ ਇਮਤਿਹਾਨ ਨੂੰ ਮੁਲਤਵੀ ਕੀਤੀਆਂ ਜਾਣ, ਜਦ ਤੱਕ ਸਥਿਤੀ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਬੈਠਣ ਦੀ ਆਗਿਆ ਨਾ ਦੇਵੇ।
ਦਰਅਸਲ, ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਵਰਚੁਅਲ ਬੈਠਕ ਕੀਤੀ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ। ਉਨ੍ਹਾਂ ਇਸ ਮੁਲਾਕਾਤ ਦੌਰਾਨ ਹੀ ਇਹ ਸਭ ਕਿਹਾ। ਇਸ ਦੇ ਨਾਲ ਉਨ੍ਹਾਂ ਕਿਹਾ, "ਪ੍ਰੀਖਿਆਵਾਂ ਸਤੰਬਰ ਵਿੱਚ ਹਨ। ਵਿਦਿਆਰਥੀਆਂ ਦੀ ਜਾਨ ਨੂੰ ਜੋਖਮ 'ਚ ਕਿਉਂ ਪਾਇਆ ਜਾਣਾ ਚਾਹੀਦਾ ਹੈ? ਅਸੀਂ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ, ਪਰ ਕੋਈ ਜਵਾਬ ਨਹੀਂ ਮਿਲਿਆ।”
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਮਤਾ ਬੈਨਰਜੀ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ, "ਸਾਨੂੰ ਸਾਰਿਆਂ ਜੋ ਇਥੇ ਬੈਠੇ ਹਨ, ਉਨ੍ਹਾਂ ਨੂੰ ਸੁਪਰੀਮ ਕੋਰਟ ਜਾਣਾ ਚਾਹੀਦਾ ਹੈ।" ਇਸ ਮੀਟਿੰਗ ਵਿੱਚ ਮਮਤਾ ਬੈਨਰਜੀ ਅਤੇ ਅਮਰਿੰਦਰ ਸਿੰਘ ਤੋਂ ਇਲਾਵਾ ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ, ਝਾਰਖੰਡ ਦੇ ਸੀਐਮ ਹੇਮੰਤ ਸੋਰੇਨ, ਪੁਡੂਚੇਰੀ ਦੇ ਸੀ ਐਮ ਵੀ ਨਰਾਇਣ ਸਾਮੀ, ਛੱਤੀਸਗੜ ਦੇ ਸੀਐਮ ਭੁਪੇਸ਼ ਬਘੇਲ ਤੇ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ ਮੌਜੂਦ ਸੀ।