ਨਵੇਂ ਬਣੇ ਸਿਹਤ ਮੰਤਰੀ ਚੇਤਨ ਜੌੜਾਮਾਜਰਾ ਨੂੰ ਪਸੰਦ ਨਹੀਂ ਆਇਆ ਕਮਰਾ, ਨਵਾਂ ਕਮਰਾ ਦੇਣ ਦੀ ਮੰਗ
ਦੱਸ ਦਈਏ ਕਿ 38 ਨੰਬਰ ਕਮਰਾ ਪਹਿਲਾਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ ਜੋ ਹੁਣ ਡਾ. ਵਿਜੈ ਸਿੰਗਲਾ ਦੇ ਖ਼ਾਲੀ ਹੋਏ 3 ਮੰਜ਼ਲ ਦੇ ਕਮਰੇ ਨੰਬਰ 20 ਵਿੱਚ ਚਲੇ ਗਏ ਹਨ।
ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਮੰਤਰੀ ਵਾਲ਼ਾ ਕਮਰਾ ਪਸੰਦ ਨਹੀਂ ਆਇਆ। ਉਨ੍ਹਾਂ ਨੂੰ ਪੰਜਾਬ ਸਕੱਤਰੇਤ ਦੀ 5 ਮੰਜ਼ਲ 'ਤੇ 6 ਨੰਬਰ ਕਮਰਾ ਮਿਲਿਆ ਸੀ। ਉਨ੍ਹਾਂ ਨੇ ਆਪਣੇ ਲਈ ਇਸ ਕਮਰੇ ਦੀ ਜਗ੍ਹਾ 6ਵੀਂ ਮੰਜ਼ਲ 'ਤੇ 38 ਨੰਬਰ ਕਮਰੇ ਦੀ ਮੰਗ ਕੀਤੀ ਹੈ। ਦੱਸ ਦਈਏ ਕਿ 38 ਨੰਬਰ ਕਮਰਾ ਪਹਿਲਾਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ ਜੋ ਹੁਣ ਡਾ. ਵਿਜੈ ਸਿੰਗਲਾ ਦੇ ਖ਼ਾਲੀ ਹੋਏ 3 ਮੰਜ਼ਲ ਦੇ ਕਮਰੇ ਨੰਬਰ 20 ਵਿੱਚ ਚਲੇ ਗਏ ਹਨ।
ਦੱਸ ਦਈਏ ਕਿ ਪੰਜਾਬ ਕੈਬਨਿਟ ਦੇ ਵਿਸਥਾਰ ਦੌਰਾਨ ਚੇਤਨ ਸਿੰਘ ਜੌੜਾਮਾਜਰਾ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੂੰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਤੇ ਚੋਣਾਂ ਬਾਰੇ ਵਿਭਾਗ ਮਿਲੇ ਹਨ।
ਚੇਤਨ ਸਿੰਘ ਜੌੜਾਮਾਜਰਾ ਨੇ ਅਹੁਦਾ ਸੰਭਾਲਦਿਆਂ ਦਾਅਵਾ ਕੀਤਾ ਸੀ ਕਿ ਸੂਬਾ ਸਰਕਾਰ ਲੋਕਾਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਤੇ ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ। ਅਹੁਦੇ ਸੰਭਾਲਣ ਮੌਕੇ ਕੈਬਨਿਟ ਮੰਤਰੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਪ੍ਰਸ਼ੰਸਕ ਮੌਜੂਦ ਸਨ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵਂਤ ਮਾਨ ਨੇ ਆਪਣੀ ਕੈਬਨਿਟ ਦਾ ਵਿਸਥਾਰ ਕਰਦਿਆਂ ‘ਆਪ’ ਦੇ ਪੰਜ ਵਿਧਾਇਕਾਂ ਨੂੰ ਸੂਬਾ ਸਰਕਾਰ ਵਿੱਚ ਮੰਤਰੀ ਵਜੋਂ ਸ਼ਾਮਲ ਕੀਤਾ ਸੀ। ਇਸ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਵਿਸਥਾਰ ਸੀ।
ਪੰਜ ਹੋਰ ਮੰਤਰੀਆਂ ਨੂੰ ਸ਼ਾਮਲ ਕਰਨ ਤੋਂ ਬਾਅਦ, ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਗਿਣਤੀ ਮੁੱਖ ਮੰਤਰੀ ਸਮੇਤ 15 ਹੋ ਗਈ ਹੈ। ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ 18 ਅਹੁਦੇ ਹਨ। ਮਾਰਚ ਵਿੱਚ, ਪਹਿਲੀ ਵਾਰ ਚੁਣੇ ਗਏ ਅੱਠ ਵਿਧਾਇਕਾਂ ਸਮੇਤ 10 ਵਿਧਾਇਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਮੰਤਰੀ ਵਜੋਂ ਸਹੁੰ ਚੁੱਕੀ ਸੀ। ਹਾਲਾਂਕਿ, ਮਈ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਟਾ ਦਿੱਤਾ ਗਿਆ ਸੀ।