ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਨਵੇਂ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ 'ਤੇ ਬਰਨਾਲਾ ਦੀ ਦਾਣਾ ਮੰਡੀ ਵਿਖੇ 21 ਫਰਵਰੀ ਨੂੰ ਕਿਸਾਨ ਮਜ਼ਦੂਰ ਏਕਤਾ ਮਹਾਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਆਗੂਆਂ ਵੱਲੋਂ ਇਸ ਮਹਾਰੈਲੀ 'ਚ ਦੋ ਲੱਖ ਤੋਂ ਵੱਧ ਪੰਜਾਬ ਭਰ ਤੋਂ ਲੋਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਜਿਸ ਲਈਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਦੱਸਿਆ ਕਿ ਬਰਨਾਲਾ ਵਿਖੇ ਕੀਤੀ ਜਾ ਰਹੀ ਕਿਸਾਨ ਮਜ਼ਦੂਰ ਏਕਤਾ ਮਹਾਰੈਲੀ ਦਾ ਮੁੱਖ ਮਕਸਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਏਕੇ ਨੂੰ ਹੋਰ ਮਜ਼ਬੂਤ ਕਰਨਾ ਹੈ।
ਉਨ੍ਹਾਂ ਕਿਹਾ ਇਸ ਮਹਾਰੈਲੀ 'ਚ ਪੰਜਾਬ ਭਰ ਤੋਂ ਦੋ ਲੱਖ ਤੋਂ ਵਧੇਰੇ ਲੋਕ ਪਹੁੰਚ ਰਹੇ ਹਨ। ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮਹਾਰੈਲੀ ਨਾਲ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਵਿੱਚ ਇੱਕ ਵੱਡੀ ਜਾਨ ਪਵੇਗੀ। ਇਸ ਮਹਾਰੈਲੀ ਲਈ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ।