(Source: ECI/ABP News/ABP Majha)
ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋਣ 'ਤੇ ਸੰਯੁਕਤ ਕਿਸਾਨ ਮੋਰਚਾ 26 ਮਈ ਨੂੰ ਮਨਾਵੇਗਾ ਕਾਲਾ ਦਿਵਸ
ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ 40 ਕਿਸਾਨ ਯੂਨੀਅਨਾਂ ਦੇ ਪ੍ਰਮੁੱਖ ਸੰਗਠਨ, ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਪ੍ਰਦਰਸ਼ਨ ਦੇ ਛੇ ਮਹੀਨੇ ਪੂਰੇ ਹੋਣ 'ਤੇ 26 ਮਈ ਨੂੰ ‘ਕਾਲਾ ਦਿਵਸ’ ਵਜੋਂ ਮਨਾਇਆ ਜਾਵੇਗਾ।
ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ 40 ਕਿਸਾਨ ਯੂਨੀਅਨਾਂ ਦੇ ਪ੍ਰਮੁੱਖ ਸੰਗਠਨ, ਸੰਯੁਕਤ ਕਿਸਾਨ ਮੋਰਚਾ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਪ੍ਰਦਰਸ਼ਨ ਦੇ ਛੇ ਮਹੀਨੇ ਪੂਰੇ ਹੋਣ 'ਤੇ 26 ਮਈ ਨੂੰ ‘ਕਾਲਾ ਦਿਵਸ’ ਵਜੋਂ ਮਨਾਇਆ ਜਾਵੇਗਾ। ਡਿਜੀਟਲ ਤਰੀਕੇ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 26 ਮਈ ਨੂੰ ਲੋਕਾਂ ਨੂੰ ਆਪਣੇ ਘਰਾਂ, ਵਾਹਨਾਂ, ਦੁਕਾਨਾਂ ’ਤੇ ਕਾਲੇ ਝੰਡੇ ਲਗਾਉਣ ਦੀ ਅਪੀਲ ਕੀਤੀ ਹੈ।
ਰਾਜੇਵਾਲ ਨੇ ਕਿਹਾ, '26 ਮਈ ਨੂੰ ਇਸ ਪ੍ਰਦਰਸ਼ਨ ਦੇ ਛੇ ਮਹੀਨੇ ਹੋਣਗੇ ਅਤੇ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਬਣਨ ਦੇ ਸੱਤ ਸਾਲ ਪੂਰੇ ਹੋਣ ਦੇ ਮੌਕੇ 'ਤੇ ਹੋ ਰਿਹਾ ਹੈ। ਅਸੀਂ ਇਸ ਨੂੰ ਕਾਲੇ ਦਿਵਸ ਵਜੋਂ ਮਨਾਵਾਂਗੇ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ‘ਦਿੱਲੀ ਚਲੋ’ ਮਾਰਚ ਦੇ ਹਿੱਸੇ ਵਜੋਂ ਵੱਡੇ ਪੱਧਰ ’ਤੇ ਕਿਸਾਨ ਪਾਣੀ ਦੀਆਂ ਬੌਛਾਰਾਂ ਅਤੇ ਰੁਕਾਵਟਾਂ ਦਾ ਸਾਹਮਣਾ ਕਰਦਿਆਂ 26 ਨਵੰਬਰ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਆਏ ਸਨ।
ਅਗਲੇ ਮਹੀਨਿਆਂ 'ਚ ਦੇਸ਼ ਦੀ ਰਾਜਧਾਨੀ ਦੇ ਨਜ਼ਦੀਕ ਟਿਕਰੀ, ਸਿੰਘੂ ਅਤੇ ਗਾਜੀਪੁਰ ਸਰਹੱਦਾਂ 'ਤੇ ਦੇਸ਼ ਭਰ ਤੋਂ ਹਜ਼ਾਰਾਂ ਕਿਸਾਨ ਇਕੱਠੇ ਹੋਏ। ਰਾਜੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ‘ਕਾਲਾ ਦਿਵਸ’ ਮਨਾ ਕੇ ਕਿਸਾਨਾਂ ਦੀ ਹਮਾਇਤ ਕਰਨ। ਉਨ੍ਹਾਂ ਕਿਹਾ, ‘ਅਸੀਂ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡੇ ਘਰਾਂ, ਦੁਕਾਨਾਂ, ਟਰੱਕਾਂ ਅਤੇ ਹੋਰ ਵਾਹਨਾਂ 'ਤੇ ਕਾਲੇ ਝੰਡੇ ਲਗਾਉਣ। ਰੋਸ ਵਜੋਂ ਅਸੀਂ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਸਾੜਵਾਂਗੇ।
ਰਾਜੇਵਾਲ ਨੇ ਕਿਹਾ ਕਿ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨਹੀਂ ਸੁਣ ਰਹੀ ਅਤੇ ਖਾਦ, ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਖੇਤੀ ਅਸੰਭਵ ਹੋ ਗਈ ਹੈ। ਐਸਕੇਐਮ ਨੇ ਜਨਤਕ ਸੰਸਥਾਵਾਂ, ਕਾਰੋਬਾਰੀ ਸੰਗਠਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਮੰਗ ਦੇ ਹੱਕ ਵਿੱਚ ਕਾਲੇ ਝੰਡੇ ਗੱਡਣ। ਐਸਕੇਐਮ ਨੇ ਇਕ ਬਿਆਨ 'ਚ ਕਿਹਾ, 'ਖੇਤੀ ਕਾਨੂੰਨਾਂ ਨੂੰ ਵਾਪਸ ਲੈਣ, ਐਮਐਸਪੀ 'ਤੇ ਕਾਨੂੰਨੀ ਗਾਰੰਟੀ ਦੇਣ ਅਤੇ ਭਾਜਪਾ ਨੂੰ ਸਬਕ ਸਿਖਾਉਣ ਲਈ 'ਮਿਸ਼ਨ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ' ਸ਼ੁਰੂ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ।'