ਬਰਨਾਲਾ: ਪੰਜਾਬ ਵਿੱਚ ਪਿਛਲੀ ਸਰਕਾਰ ਸਮੇਂ ਸਿਆਸੀ ਸਰਪ੍ਰਸਤੀ ਕਾਰਨ ਓਰਬਿਟ ਟਰਾਂਸਪਰੋਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਬਰਨਾਲਾ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਓਰਬਿਟ ਟਰਾਂਸਪੋਰਟ ਦੀ ਬੱਸ ਥਾਣੇ ਬੰਦ ਕਰ ਦਿੱਤੀ ਗਈ ਹੈ ਜਦਕਿ ਬੱਸ ਦੇ ਡਰਾਈਵਰ, ਕੰਡਕਟਰ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। 

 

ਥਾਣਾ ਮਹਿਲ ਕਲਾਂ ਵੱਲੋਂ ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਯਮਾਂ ਤਹਿਤ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬਰਨਾਲਾ ਵਾਲੇ ਪਾਸੇ ਤੋਂ ਲੁਧਿਆਣਾ ਜਾਣ ਵਾਲੀ ਓਰਬਿਟ ਟਰਾਂਸਪਸੋਰਟ ਬਠਿੰਡਾ ਦੀ ਬੱਸ ਵਿੱਚ 50 ਫੀਸਦ ਦੀ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆ ਹੋਈਆਂ ਸਨ। 

 

ਪੁਲਿਸ ਥਾਣਾ ਮਹਿਲ ਕਲਾਂ ਦੇ ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਓਰਬਿਟ ਬੱਸ ਦੇ ਡਰਾਈਵਰ ਜਗਮੀਤ ਸਿੰਘ ਵਾਸੀ ਲਹਿਰਾ ਮੁਹੱਬਤ ਅਤੇ ਕੰਡਕਟਰ ਜਸਵੀਰ ਸਿੰਘ ਵਾਸੀ ਬਠਿੰਡਾ ਖਿਲਾਫ ਆਈਪੀਸੀ ਦੀ ਧਾਰਾ 188 ਤੇ ਡਾਇਜਸਟਰ ਮੈਨੇਜਮੈਂਟ ਐਕਟ-2005 ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਅਤੇ ਦੋਵਾਂ ਨੂੰ ਮੌਕੇ ‘ਤੇ ਜ਼ਮਾਨਤ ਦੇ ਦਿੱਤੀ ਗਈ ਜਦਕਿ ਬੱਸ ਨੂੰ ਥਾਣੇ ਬੰਦ ਕੀਤਾ ਗਿਆ ਹੈ।