ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਅੱਜ ਕਿਹਾ ਕਿ ਪਾਰਟੀ ਹਾਈ ਕਮਾਨ ਦੀ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ 'ਚ ਉਨ੍ਹਾਂ ਨੇ ਸਾਰੇ ਮਸਲਿਆਂ ਨੂੰ ਸਾਹਮਣੇ ਰੱਖਿਆ, ਜਿਨ੍ਹਾਂ ਮੁੱਦਿਆਂ ਨੂੰ ਉਨ੍ਹਾਂ ਡੇਢ ਸਾਲ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਉਠਾਇਆ ਸੀ। ਉਨ੍ਹਾਂ ਕਿਹਾ ਕਿ ਜੇ ਉਸ ਪੱਤਰ ਤੋਂ ਬਾਅਦ ਸਾਰੇ ਮੁੱਦਿਆਂ ‘ਤੇ ਕੰਮ ਕੀਤਾ ਜਾਂਦਾ ਤਾਂ ਅੱਜ ਇਹ ਨੌਬਤ ਹੀ ਨਾ ਆਉਂਦੀ।

 

ਉਨ੍ਹਾਂ ਕਿਹਾ ਕਿ ਇਸ ਪੱਤਰ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਨਾ ਮਿਲਣਾ, ਬਿਜਲੀ ਖਰੀਦ ਸਮਝੌਤੇ ਦੀ ਸਮੀਖਿਆ ਕਰਨਾ, ਨਸ਼ਿਆਂ ਅਤੇ ਰੇਤ ਦੀ ਖੁਦਾਈ ਅਤੇ ਆਬਕਾਰੀ ਨੀਤੀ ਨਾਲ ਜੁੜੇ ਸਾਰੇ ਮੁੱਦੇ ਸੀ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਸਾਰੇ ਮੁੱਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਬੰਧਤ ਮੰਤਰਾਲਿਆਂ ਨਾਲ ਸਬੰਧਤ ਹਨ, ਇਸ ਲਈ ਇਸ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹੈ।

 

ਉਨ੍ਹਾਂ ਕਿਹਾ ਕਿ ਉਹ ਕਿਸੇ ਗਰੁੱਪ ਜਾਂ ਕਿਸੇ ਆਗੂ ਬਾਰੇ ਗੱਲ ਕਰਨ ਨਹੀਂ ਆਏ ਹਨ, ਬਲਕਿ ਸਿਰਫ ਸਬੰਧਿਤ ਮੁੱਦਿਆਂ ਬਾਰੇ ਗੱਲਬਾਤ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਵਿਕਾਸ ਕਾਰਜ ਨਹੀਂ ਹੋਏ ਅਤੇ ਮੇਰੇ ਆਪਣੇ ਹਲਕੇ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਹੋ ਚੁੱਕੇ ਹਨ ਪਰ ਜਿਨ੍ਹਾਂ ਮੁੱਦਿਆਂ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਫੈਸਲਾ ਲੈਣਾ ਚਾਹੀਦਾ ਸੀ, ਉਹ ਨਹੀਂ ਲਏ ਗਏ। ਉਨ੍ਹਾਂ ਕਿਹਾ ਕਿ ਉਹ 3 ਮੈਂਬਰੀ ਕਮੇਟੀ ਦੇ ਸਾਹਮਣੇ ਇਨ੍ਹਾਂ ਸਾਰੇ ਮੁੱਦਿਆਂ ‘ਤੇ ਬੋਲ ਚੁੱਕੇ ਹਨ।