ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਬਰਨਾਲਾ ਵਿਖੇ ਪਹੁੰਚੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੀ ਸੁਣਵਾਈ ਹੋਣੀ ਚਾਹੀਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀ ਗੱਲ ਮੰਨੀ ਜਾਵੇ ਅਤੇ ਇਹ ਕਾਨੂੰਨ ਵਾਪਸ ਲਏ ਜਾਣ।


ਉਨ੍ਹਾਂ ਕਿਹਾ ਤਿੰਨ ਮਹੀਨਿਆਂ ਤੋਂ ਕਿਸਾਨ ਸੜਕਾਂ ਕਿਨਾਰੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਰਾਤਾਂ ਕੱਟ ਰਹੇ ਹਨ, ਪਰ ਸਰਕਾਰ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸ ਤਰ੍ਹਾਂ ਲੱਗ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ ਅਤੇ ਇਹ ਇਸ ਦੇਸ਼ ਦੇ ਵਾਸੀ ਹੀ ਨਹੀਂ ਹਨ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਖ਼ਾਲਿਸਤਾਨ ਜਾਂ ਅੱਤਵਾਦ ਨਾਲ ਜੋੜਨਾ ਬਹੁਤ ਹੀ ਮੰਦਭਾਗਾ ਹੈ।




ਉਨ੍ਹਾਂ ਕਿਹਾ ਸਰਕਾਰਾਂ ਕਿਸਾਨਾਂ ਦੇ ਸੰਘਰਸ਼ ਨੂੰ ਫੇਲ੍ਹ ਕਰਨ ਲਈ ਅਜਿਹੇ ਹੱਥਕੰਡੇ ਵਰਤ ਰਹੀਆਂ ਹਨ। ਹਰਿਆਣਾ ਦੇ ਸੰਸਦ ਮੈਂਬਰਾਂ ਵੱਲੋਂ ਐਸਵਾਈਐਲ ਨਹਿਰ ਦੇ ਚੁੱਕੇ ਗਏ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਹਰਿਆਣਾ ਤੇ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲੜ ਰਹੇ ਹਨ, ਜਿਸ ਕਰਕੇ ਇਹ ਮੁੱਦਾ ਜਾਣਬੁੱਝ ਕੇ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਦਾ ਐਲਾਨ ਹੁੰਦਿਆਂ ਹੀ ਸਾਰੀਆਂ ਧਿਰਾਂ ਇਕਜੁੱਟ ਹੋ ਕੇ ਬਾਦਲ ਦਲ ਨੂੰ ਮਾਤ ਪਾਉਣਗੀਆਂ।