ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵੱਖ-ਵੱਖ ਖੇਡਾਂ ਦੇ 40 ਖਿਡਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨੂੰ ਜਾਗਰੂਕ ਕਰਨ ਦੀਆਂ ਵੀਡੀਓ ਤਿਆਰ ਕਰ, ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੀ ਅਪੀਲ ਕੀਤੀ। ਪੀਐਮ ਮੋਦੀ ਨੇ ਕਿਹਾ ਕਿ ਤੁਹਾਡੇ ਕਹਿਣ ‘ਤੇ ਦੇਸ਼ ਦੇ ਨੌਜਵਾਨ ਲੌਕਡਾਊਨ ਨੂੰ ਵਧੀਆ ਤਰੀਕੇ ਨਾਲ ਅਪਣਾਉਣਗੇ।


ਪੀਐਮ ਮੋਦੀ ਨਾਲ ਵੀਡੀਓ ਕਾਨਫਰੰਸ ਦੌਰਾਨ ਸਚਿਨ ਤੇਂਦੁਲਕਰ, ਸੌਰਵ ਗਾਂਗੁਲੀ, ਬੈਡਮਿੰਟਨ ਖਿਡਾਰੀ ਪੀ ਵੀ ਸਿੰਧੂ ਵਰਗੇ ਮਸ਼ਹੂਰ ਖਿਡਾਰੀ ਮੌਜੂਦ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤੁਸੀਂ ਮਸ਼ਹੂਰ ਹਸਤੀਆਂ ਹਨ ਜੋ ਨੌਜਵਾਨ ਪੀੜ੍ਹੀ ਨੂੰ ਪ੍ਰਭਾਵਤ ਕਰਦੀਆਂ ਹਨ। ਅਜਿਹੀ ਸਥਿਤੀ ‘ਚ ਇਹ ਤੁਹਾਡੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਆਪਣੇ ਚੇਲਿਆਂ ਨੂੰ ਲੌਕਡਾਊਨ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਨ।

ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕਰਨ ਵਾਲੇ ਖਿਡਾਰੀਆਂ ਦੀ ਸੂਚੀ ‘ਚ ਸਚਿਨ ਤੇਂਦੁਲਕਰ, ਸੌਰਵ ਗਾਂਗੁਲੀ, ਵਿਰਾਟ ਕੋਹਲੀ ਤੋਂ ਇਲਾਵਾ ਵਿਸ਼ਵ ਕੱਪ ਜੇਤੂ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ, ਰੋਹਿਤ ਸ਼ਰਮਾ, ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖ਼ਾਨ ਵੀ ਸ਼ਾਮਲ ਰਹੇ। ਖੇਡ ਮੰਤਰਾਲੇ ਦੇ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਦੀ ਗੱਲਬਾਤ ਵਿੱਚ ਖਿਡਾਰੀਆਂ ਨੂੰ ਆਪਣੀ ਗੱਲ ਕਹਿਣ ਲਈ 3 ਮਿੰਟ ਦਿੱਤੇ ਗਏ। ਇਸ ਵੀਡੀਓ ਕਾਲ ਵਿੱਚ ਖੇਡ ਮੰਤਰੀ ਕਿਰਨ ਰਿਜੀਜੂ ਤੋਂ ਇਲਾਵਾ ਪ੍ਰਧਾਨ ਮੰਤਰੀ ਦਫਤਰ ਦੇ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ।