ਪਵਨਪ੍ਰੀਤ ਕੌਰ ਦੀ ਰਿਪੋਰਟ
ਚੰਡੀਗੜ੍ਹ: ਪਿਛਲੇ ਸਾਲ ਜੁਲਾਈ 'ਚ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 125 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਹੁਣ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਵਿਧਾਨ ਸਭਾ 'ਚ ਮੰਗਲਵਾਰ ਨੂੰ ਪਾਸ ਕੀਤੇ ਗਏ ਅੱਠ ਬਿੱਲਾਂ 'ਚ ਪੰਜਾਬ ਆਬਕਾਰੀ ਸੋਧ ਬਿੱਲ-2021 ਵੀ ਸ਼ਾਮਲ ਹੈ।
ਇਸ ਬਿੱਲ ਤਹਿਤ ਜੇਕਰ ਰਾਜ 'ਚ ਕੋਈ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਜਾਂ ਉਮਰ ਕੈਦ ਹੋ ਸਕਦੀ ਹੈ। ਇਸ ਦੇ ਨਾਲ ਹੀ ਦੋਸ਼ੀ ਨੂੰ 25 ਲੱਖ ਰੁਪਏ ਜ਼ੁਰਮਾਨਾ ਵੀ ਹੋਵੇਗਾ। ਇਸ ਬਿੱਲ 'ਚ ਕੀਤੇ ਗਏ ਸੋਧ 'ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੋਈ ਵਿਅਕਤੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅਪੰਗ ਹੋ ਜਾਂਦਾ ਹੈ, ਤਾਂ ਅਜਿਹੀ ਸਥਿਤੀ 'ਚ ਸ਼ਰਾਬ ਵਿਕਰੇਤਾ ਨੂੰ ਘੱਟੋ-ਘੱਟ ਛੇ ਸਾਲ ਦੀ ਸਜ਼ਾ ਤੇ 10 ਲੱਖ ਰੁਪਏ ਜ਼ੁਰਮਾਨਾ ਭੁਗਤਣਾ ਪਏਗਾ।
ਇਸੇ ਤਰ੍ਹਾਂ, ਜੇ ਕੋਈ ਵਿਅਕਤੀ ਜ਼ਖਮੀ ਹੈ ਜਾਂ ਗੰਭੀਰ ਰੂਪ 'ਚ ਬਿਮਾਰ ਹੋ ਜਾਂਦਾ ਹੈ, ਤਾਂ ਸ਼ਰਾਬ ਦੇ ਠੇਕੇਦਾਰ ਨੂੰ ਇੱਕ ਸਾਲ ਦੀ ਸਜ਼ਾ ਤੇ ਪੰਜ ਲੱਖ ਰੁਪਏ ਜ਼ੁਰਮਾਨਾ ਹੋ ਸਕਦਾ ਹੈ। ਇਸ 'ਚ ਇਹ ਵੀ ਵਿਵਸਥਾ ਕੀਤੀ ਗਈ ਹੈ ਕਿ ਜੇ ਜ਼ਹਿਰੀਲੀ ਸ਼ਰਾਬ ਨਾਲ ਕਿਸੇ ਨੂੰ ਨੁਕਸਾਨ ਨਾ ਵੀ ਹੋਵੇ ਤਾਂ ਵੀ ਅਜਿਹੀ ਸ਼ਰਾਬ ਵੇਚਣ ਵਾਲੇ ਨੂੰ ਛੇ ਮਹੀਨੇ ਦੀ ਕੈਦ ਤੇ 2.5 ਲੱਖ ਰੁਪਏ ਜ਼ੁਰਮਾਨੇ ਦਾ ਸਾਹਮਣਾ ਕਰਨਾ ਪਏਗਾ।