ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੀਜੇਪੀ ਉਪਰ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ। ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ। ਦੇਸ਼ ਭਗਤੀ ਦੇ ਇਸੇ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ।
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਵਾਲੇ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਜੀ ਨੂੰ ਇੰਨੀ ਨਫਰਤ ਕਿਉਂ ਕਰਦੇ ਹਨ? ਸਕੂਲੀ ਕਿਤਾਬਾਂ ਵਿੱਚੋਂ ਸਰਦਾਰ ਭਗਤ ਸਿੰਘ ਜੀ ਦਾ ਨਾਂ ਹਟਾਉਣਾ ਅਮਰ ਸ਼ਹੀਦ ਦੀ ਕੁਰਬਾਨੀ ਦਾ ਅਪਮਾਨ ਹੈ। ਦੇਸ਼ ਆਪਣੇ ਸ਼ਹੀਦਾਂ ਦੇ ਇਸ ਅਪਮਾਨ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ। ਭਾਜਪਾ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਵੇਗਾ।