ਫਿਰੋਜ਼ਪੁਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਿਵਲ ਕੋਰਟ ਜ਼ੀਰਾ ਵਿੱਚ ਪਹੁੰਚੇ। ਉਹ ਸਾਲ 2017 ਵਿੱਚ ਦਰਜ ਹੋਏ ਮੁਕੱਦਮੇ ਸਬੰਧੀ ਪੇਸ਼ੀ ਭੁਗਤਣ ਲਈ ਸਿਵਲ ਕੋਰਟ ਵਿੱਚ ਹਾਜ਼ਰ ਹੋਏ। 


ਦੱਸ ਦਈਏ ਕਿ ਸਾਲ 2017 ਵਿੱਚ ਨੈਸ਼ਨਲ ਹਾਈਵੇਅ ਨੰਬਰ 54 ਜਾਮ ਕਰਨ ਨੂੰ ਲੈ ਕੇ ਥਾਣਾ ਮੱਖੂ ਵਿੱਚ ਸੁਖਬੀਰ ਬਾਦਲ ਤੋਂ ਇਲਾਵਾ ਕਈ ਹੋਰ ਨੇਤਾਵਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ਵਿੱਚ ਪੇਸ਼ੀ ਭੁਗਤਣ ਲਈ ਅੱਜ ਸੁਖਬੀਰ ਬਾਦਲ ਕੋਰਟ ਪਹੁੰਚੇ।


ਇਸ ਮੌਕੇ ਪੱਤਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਬਾਰੇ ਪੁੱਛੇ ਸਵਾਲ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਗਏ ਕਿਸੇ ਵੀ ਬਿਆਨ ਬਾਰੇ ਆਪਣੀ ਕੋਈ ਵੀ ਪ੍ਰਤੀਕਿਰਿਆ ਨਹੀਂ ਦੇਣਾ ਚਾਹੁੰਦੇ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਸ਼ੁਰੂ ਕੀਤੇ ਜਾ ਰਹੇ ਮੁਹੱਲਾ ਕਲੀਨਿਕਾਂ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਲਾਹ ਦਿੱਤੀ  ਹੈ ਕਿ ਡਰਾਮੇ ਕਰਨੇ ਛੱਡ ਦਿਓ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰੋ।


ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਬਿਜਲੀ ਸੋਧ ਬਿੱਲ-2022 ਵਾਪਸ ਲਿਆ ਜਾਵੇ ਤੇ ਇਸ ਮਾਮਲੇ ਵਿਚ ਰਾਜਾਂ, ਕਿਸਾਨਾਂ ਤੇ ਕਿਸਾਨ ਯੂਨੀਅਨਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨਾਲ ਮਸ਼ਵਰਾ ਕੀਤਾ ਜਾਵੇ। ਸੁਖਬੀਰ ਬਾਦਲ ਨੇ ਯਾਦ ਕਰਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ 9 ਦਸੰਬਰ 2021 ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ ਤਾਂ ਨਾਲ ਹੀ ਕਿਹਾ ਸੀ ਕਿ ਉਹ ਬਿਜਲੀ ਸੋਧ ਬਿੱਲ-2022 ਨੂੰ ਰਾਜਾਂ, ਸਿਆਸੀ ਪਾਰਟੀਆਂ, ਕਿਸਾਨਾਂ ਤੇ ਕਿਸਾਨ ਸੰਗਠਨਾਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਇਸ ਨੂੰ ਅੱਗੇ ਨਹੀਂ ਲਿਆਉਣਗੇ।