SYL Canal Dispute: ਸਤਲੁਜ-ਯਮੁਨਾ ਲਿੰਕ ਨਹਿਰ ਮੁੱਦੇ 'ਤੇ ਅੱਜ ਹਰਿਆਣਾ ਤੇ ਪੰਜਾਬ ਸਰਕਾਰ ਦੀ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਵੇਰੇ 11:30 ਵਜੇ ਹਰਿਆਣਾ ਨਿਵਾਸ ਵਿਖੇ ਮੀਟਿੰਗ ਕਰਨਗੇ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਬੀਜੇਪੀ ਲੀਡਰ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਹੈ। 


ਕੈਪਟਨ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਸਾਰਿਆਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਸੀ। ਕੈਪਟਨ ਨੇ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਸ ਮੁੱਦੇ ’ਤੇ ਸਪੱਸ਼ਟ ਹੋਣਾ ਪਵੇਗਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਫਾਲਤੂ ਨਹੀਂ। ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਭਗਵੰਤ ਮਾਨ ਪੰਜਾਬ ’ਚ ਪਾਣੀ ਦੇ ਸੰਕਟ ਦੀ ਜ਼ਮੀਨੀ ਸਥਿਤੀ ਤੋਂ ਜਾਣੂ ਹਨ। 


ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰਿਆਣਾ ਸਮੇਤ ਕਿਸੇ ਹੋਰ ਰਾਜ ਲਈ ਵਾਧੂ ਪਾਣੀ ਨਹੀਂ ਹੈ, ਇਸ ਲਈ ਕਿਸੇ ਨੂੰ ਵੀ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਬਕਾ ਮੁੱਖ ਮੰਤਰੀ ਨੇ ਮਾਨ ਨੂੰ ਯਮੁਨਾ ਦੇ ਪਾਣੀ ਦਾ ਮੁੱਦਾ ਪ੍ਰਭਾਵਸ਼ਾਲੀ ਤੇ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਸਲਾਹ ਦਿੱਤੀ ਹੈ। ਅਹਿਮ ਗੱਲ ਹੈ ਕਿ ਜਿੱਥੇ ਬੀਜੇਪੀ ਇਸ ਮੁੱਦੇ ਉੱਪਰ ਬੜਾ ਸੰਭਲ ਕੇ ਚੱਲ ਰਹੀ ਹੈ, ਉੱਥੇ ਹੀ ਕੈਪਟਨ ਬੜੇ ਬੇਬਾਕ ਬਿਆਨਬਾਜ਼ੀ ਕਰਨ ਲੱਗੇ ਹਨ।



ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਸੰਕੇਤ ਮਿਲ ਰਹੇ: ਅਕਾਲੀ ਦਲ
 
ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਲ ਐਸਵਾਈਐਲ ਬਾਰੇ ਮੀਟਿੰਗ ਵਿੱਚ ਪੰਜਾਬ ਸਰਕਾਰ ਦਾ ਸਟੈਂਡ ਜਨਤਕ ਤੌਰ ’ਤੇ ਸਪੱਸ਼ਟ ਕਰਨ। ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂ ਆਪਣੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਸੰਕੇਤ ਮਿਲ ਰਹੇ ਹਨ।


ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਲੇ ਤੱਕ ਪੰਜਾਬੀਆਂ ਨੂੰ ਆਪਣੇ ਸਟੈਂਡ ਬਾਰੇ ਨਹੀਂ ਦੱਸਿਆ ਤੇ ਨਾ ਹੀ ਇਸ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ ਸੱਦੀ ਹੈ, ਜਿਸ ਤੋਂ ਇਹ ਸਾਫ਼ ਹੋ ਰਿਹਾ ਹੈ ਕਿ ‘ਆਪ’ ਦੇ ਸਿਆਸੀ ਲਾਹੇ ਵਾਸਤੇ ਮੁੱਖ ਮੰਤਰੀ ਮਾਨ ਹਰਿਆਣਾ ਸਰਕਾਰ ਨਾਲ ਸਮਝੌਤਾ ਕਰਨ ਲਈ ਅਰਵਿੰਦ ਕੇਜਰੀਵਾਲ ਦੇ ਦਬਾਅ ਹੇਠ ਹਨ।