ਚੰਡੀਗੜ੍ਹ: ਪੰਜਾਬ ’ਚ ਅਗਲੇ ਸਾਲ ਫਰਵਰੀ-ਮਾਰਚ ਮਹੀਨੇ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ ’ਚ ਮੁੱਖ ਮੁਕਾਬਲਾ ਕਾਂਗਰਸ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵਿਚਾਲੇ ਹੈ। ਚੋਣਾਂ ਤੋਂ ਪਹਿਲਾਂ ਹਾਲ ਹੀ ’ਚ ਪੰਜਾਬ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਲੀਡਰ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਤੋਂ ਬਾਅਦ ਇਹ ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ ਕਾਂਗਰਸ ਦੀ ਟਿਕਟ ਵੰਡ ’ਚ ਪ੍ਰਸ਼ਾਂਤ ਕਿਸ਼ੋਰ ਦੀ ਕੋਈ ਭੂਮਿਕਾ ਹੋਵੇਗੀ? ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ ਹੈ।


 


ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਮੀਡੀਆ ਰਿਪੋਰਟਾਂ ’ਤੇ ਪ੍ਰਤੀਕ੍ਰਿਆ ਜ਼ਾਹਰ ਕੀਤੀ ਹੈ, ਜਿਸ ’ਚ ਕਿਹਾ ਜਾ ਰਿਹਾ ਸੀ ਕਿ ਪ੍ਰਸ਼ਾਂਤ ਕਿਸ਼ੋਰ ਪੰਜਾਬ ਕਾਂਗਰਸ ’ਚ ਟਿਕਟਾਂ ਵੰਡ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਪੂਰੇ ਮਾਮਲੇ ’ਚ ਪ੍ਰਸ਼ਾਂਤ ਕਿਸ਼ੋਰ ਦੀ ਕੋਈ ਭੂਮਿਕਾ ਨਹੀਂ।” ਉਨ੍ਹਾਂ ਕਿਹਾ ਕਿ ਮੇਰੇ ਪ੍ਰਮੁੱਖ ਸਲਾਹਕਾਰ ਵਜੋਂ ਉਨ੍ਹਾਂ (ਪ੍ਰਸ਼ਾਂਤ ਕਿਸ਼ੋਰ) ਦੀ ਭੂਮਿਕਾ ਸੀਮਤ ਹੈ। ਉਨ੍ਹਾਂ ਦਾ ਕੰਮ ਸਿਰਫ਼ ਸਲਾਹ ਦੇਣਾ ਹੈ, ਉਨ੍ਹਾਂ ਨੂੰ ਫੈਸਲਾ ਲੈਣ ਦਾ ਕੋਈ ਅਧਿਕਾਰ ਨਹੀਂ।



ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਸੀ। ਪ੍ਰਸ਼ਾਂਤ ਕਿਸ਼ੋਰ ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਸੀ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪ੍ਰਸ਼ਾਂਤ ਕਿਸ਼ੋਰ ਹੁਣ ਮੇਰੇ ਪ੍ਰਮੁੱਖ ਸਲਾਹਕਾਰ ਹੋਣਗੇ। ਮੈਨੂੰ ਉਮੀਦ ਹੈ ਕਿ ਮੈਂ ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਾਂਗਾ।


 


ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਲਈ ਰਣਨੀਤੀ ਬਣਾਈ ਸੀ। ਉੱਥੇ ਹੀ ਮੌਜੂਦਾ ਸਮੇਂ ਪ੍ਰਸ਼ਾਂਤ ਕਿਸ਼ੋਰ ਦੀ ਕੰਪਨੀ ‘ਇੰਡੀਅਨ ਪੋਲੀਟਿਕਲ ਐਕਸ਼ਨ ਕਮੇਟੀ (ਆਈ-ਪੀਏਸੀ) ਪੱਛਮੀ ਬੰਗਾਲ ਚੋਣਾਂ ’ਚ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੀ ਮਦਦ ਕਰ ਰਹੀ ਹੈ। ਪ੍ਰਸ਼ਾਂਤ ਕਿਸ਼ੋਰ ਨੇ ਸਾਲ 2014 ਦੀਆਂ ਆਮ ਚੋਣਾਂ ’ਚ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮੁਹਿੰਮ ਦੀ ਕਮਾਨ ਸੰਭਾਲੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਲ 2017 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਲਈ ਵੀ ਰਣਨੀਤੀ ਬਣਾਈ ਸੀ।