ਬਠਿੰਡਾ: ਔਰਤ ਕਰਜ਼ਾ ਮੁਕਤੀ ਮੰਚ ਵੱਲੋਂ ਬਠਿੰਡਾ ਦੇ ਡੀਸੀ ਦਫਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨਾ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਮਹਿਲਾਵਾਂ ਨੇ ਹਿੱਸਾ ਲਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਤੋਂ ਲੋਨ ਲਿਆ ਹੋਇਆ ਹੈ। ਕੋਰੋਨਾ ਕਾਰਨ ਲੌਕਡਾਊਨ ਲੱਗਣ ਕਾਰਨ ਉਨ੍ਹਾਂ ਦੇ ਘਰਾਂ ਦਾ ਰੁਜ਼ਗਾਰ ਚੱਲਣਾ ਵੀ ਬਹੁਤ ਮੁਸ਼ਕਲ ਹੋ ਗਿਆ ਸੀ।


ਉਨ੍ਹਾਂ ਦੇ ਕੰਮ ਬੰਦ ਪਏ ਸੀ ਪਰ ਪ੍ਰਾਈਵੇਟ ਕੰਪਨੀਆਂ ਦੇ ਅਧਿਕਾਰੀ ਉਨ੍ਹਾਂ ਦੇ ਘਰਾਂ 'ਚ ਆ ਕੇ ਆਏ ਦਿਨ ਤੰਗ-ਪ੍ਰੇਸ਼ਾਨ ਕਰ ਰਹੇ ਹਨ। ਲੋਨ ਭਰਨ ਲਈ ਉਨ੍ਹਾਂ ਨੂੰ ਮਜਬੂਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਆਰਬੀਆਈ ਵੱਲੋਂ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ 31 ਅਗਸਤ ਤੱਕ ਜੇ ਕੋਈ ਵੀ ਗ਼ਰੀਬ ਵਿਅਕਤੀ ਲੋਨ ਦੀ ਕਿਸ਼ਤ ਭਰਦਾ ਹੈ ਤਾਂ ਭਰੇ, ਪਰ ਕਿਸੇ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇ।







ਇਸ ਦੇ ਉਲਟ ਪ੍ਰਾਈਵੇਟ ਕੰਪਨੀਆਂ ਦੇ ਅਧਿਕਾਰੀ ਉਨ੍ਹਾਂ ਦੇ ਘਰ ਰੋਜ਼ ਆਉਂਦੇ ਹਨ ਤੇ ਉਨ੍ਹਾਂ ਨੂੰ ਧਮਕੀਆਂ ਦਿੰਦੇ ਹਨ ਕਿ ਉਹ ਘਰ ਦਾ ਸਾਮਾਨ ਚੱਕ ਕੇ ਲੈ ਜਾਣਗੇ। ਇਸ ਕਾਰਨ ਅੱਜ ਬਠਿੰਡਾ ਵਿਖੇ ਭਾਰੀ ਗਿਣਤੀ ਵਿੱਚ ਮਹਿਲਾਵਾਂ ਇਕੱਠੀਆਂ ਹੋ ਕੇ ਬਠਿੰਡਾ ਦੇ ਡੀਸੀ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇਣ ਜਾ ਰਹੀਆਂ ਕਿ ਇਨ੍ਹਾਂ ਕੰਪਨੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।