ਚੰਡੀਗੜ੍ਹ: ਪੰਜਾਬ ਦੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪਟੈਟੋ ਬਿੱਲ, 2020 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਆਲੂ ਉਤਪਾਦਕਾਂ ਦੀ ਆਲੂ ਦੇ ਮਿਆਰੀ ਬੀਜ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇਗਾ ਅਤੇ ਦੇਸ਼ ਵਿੱਚ ਸੂਬੇ ਦਾ ਆਲੂ ਬੀਜ ਦੇ ਐਕਸਪੋਰਟ ਹੱਬ ਵਜੋਂ ਵਿਕਾਸ ਕੀਤਾ ਜਾ ਸਕੇਗਾ।
ਆਲੂ ਉਤਪਾਦਕਾਂ ਦੀ ਆਮਦਨੀ ਨੂੰ ਵਧਾਉਣ ਹਿੱਤ ਇੱਕ ਵੱਡਾ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ ਐਰੋਪੋਨਿਕਸ/ਨੈੱਟ ਹਾਊਸ ਸਹੂਲਤਾਂ ਦੀ ਵਰਤੋਂ ਕਰਦਿਆਂ ਟਿਸ਼ੂ ਕਲਚਰ ਅਧਾਰਤ ਤਕਨਾਲੋਜੀ ਜ਼ਰੀਏ ਆਲੂ ਦੇ ਮਿਆਰੀ ਬੀਜ ਦੇ ਉਤਪਾਦਨ ਅਤੇ ਆਲੂ ਦੇ ਬੀਜ ਅਤੇ ਇਸਦੀਆਂ ਅਗਲੀਆਂ ਨਸਲਾਂ ਦੀ ਸਰਟੀਫਿਕੇਸ਼ਨ ਦਾ ਫੈਸਲਾ ਲਿਆ ਹੈ। ਸਰਕਾਰੀ ਬੁਲਾਰੇ ਅਨੁਸਾਰ ਇਸ ਕਦਮ ਨਾਲ ਆਲੂਆਂ ਦੇ ਉਤਪਾਦਨ ਨੂੰ ਉਤਸ਼ਾਹਤ ਕਰਨ 'ਚ ਮਦਦ ਮਿਲੇਗੀ ਜਿਸ ਨਾਲ ਆਲੂ ਦੀ ਫਸਲ ਦੀ ਕਾਸ਼ਤ ਅਧੀਨ ਵਧੇਰੇ ਰਕਬਾ ਆਉਣ ਨਾਲ ਫ਼ਸਲੀ ਵਿਭਿੰਨਤਾ ਨੂੰ ਬਲ ਮਿਲੇਗਾ।
ਇਸ ਵੇਲੇ ਸੂਬੇ ਵਿੱਚ ਇਕ ਲੱਖ ਹੈਕਟੇਅਰ ਰਕਬੇ ਵਿਚ ਆਲੂ ਦੀ ਫ਼ਸਲ ਦੀ ਕਾਸ਼ਤ ਕੀਤੀ ਜਾਂਦੀ ਹੈ ਜਿਸ ਨਾਲ ਆਲੂਆਂ ਦੇ 4 ਲੱਖ ਮੀਟ੍ਰਿਕ ਟਨ ਬੀਜ ਦੀ ਮੰਗ ਪੈਦਾ ਹੋਈ ਹੈ। ਹਾਲਾਂਕਿ, ਸੈਂਟਰਲ ਪਟੈਟੋ ਰਿਸਰਚ ਇੰਸਟੀਚਿਊਟ, ਸ਼ਿਮਲਾ ਤੋਂ ਆਲੂਆਂ ਦੇ ਮਿਆਰੀ ਬੀਜ ਦੀ ਨਾਂਮਾਤਰ ਸਪਲਾਈ ਹੈ। ਇਸ ਵੇਲੇ ਕੁਝ ਵਪਾਰੀ ਇਸ 'ਤੇ ਪੰਜਾਬ ਦੇ ਬੀਜ ਦਾ ਮਾਅਰਕਾ ਲਗਾ ਕੇ ਗੈਰ-ਕਾਨੂੰਨੀ ਢੰਗ ਨਾਲ ਘਟੀਆ ਕਿਸਮ ਦਾ ਆਲੂ ਬੀਜ ਸਪਲਾਈ ਕਰ ਰਹੇ ਹਨ।