ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ ਹੋਏ ਸਸਤੇ
ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ।
ਚੰਡੀਗੜ੍ਹ: ਪੰਜਾਬ ਵਿੱਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟ ਗਈਆਂ ਹਨ। ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਵੈਟ ਘਟਾਉਣ ਦਾ ਫੈਸਲਾ ਲਿਆ ਹੈ। ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਪੈਟਰੋਲ ਉੱਪਰੋਂ 10 ਰੁਪਏ ਤੇ ਡੀਜ਼ਲ ਉਪਰੋਂ 5 ਰੁਪਏ ਵੈਟ ਘਟਾਇਆ ਹੈ। ਇਹ ਫੈਸਲਾ ਅੱਜ ਰਾਤ ਤੋਂ ਲਾਗੂ ਹੋਏਗਾ।
ਮੁੱਖ ਮੰਤਰੀ ਚੰਨੀ ਨੇ ਦਾਅਵਾ ਕੀਤਾ ਕਿ ਪੂਰੇ ਰੀਜ਼ਨ ਵਿੱਚ ਸਭ ਤੋਂ ਸਸਤਾ ਪੈਟਰੋਲ ਪੰਜਾਬ ਵਿੱਚ ਹੀ ਹੋਏਗਾ। ਪੈਟਰੋਲ ਦੀ ਕੀਮਤ ਦਿੱਲੀ ਨਾਲੋਂ ਵੀ ਘੱਟ ਹੋਏਗੀ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਘਟਾਉਣ ਮਗਰੋਂ ਕਈ ਰਾਜਾਂ ਨੇ ਪੈਟਰੋਲ-ਡੀਜ਼ਲ ਤੋਂ ਵੈਟ ਦਰਾਂ ਘਟਾਈਆਂ ਹਨ। ਇਸ ਲਈ ਪੰਜਾਬ ਸਰਕਾਰ ਨੂੰ ਵੀ ਵੈਟ ਘਟਾਉਣਾ ਹੀ ਪੈਣਾ ਸੀ। ਇਸ ਲਈ ਕੈਬਨਿਟ ਮੀਟਿੰਗ ਵਿੱਚ ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋਇਆ ਹੈ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਸੂਬਾ ਸਰਕਾਰ ਕੈਬਨਿਟ ਮੀਟਿੰਗ ਵਿੱਚ ਪੈਟਰੋਲ ਡੀਜ਼ਲ 'ਤੇ ਵੈਟ ਘਟਾਉਣ ਸਬੰਧੀ ਕੋਈ ਫ਼ੈਸਲਾ ਲੈ ਸਕਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਜੋ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਵਿੱਚ ਕਟੌਤੀ ਕਰਕੇ ਰਾਹਤ ਦਿੱਤੀ ਹੈ, ਉਸ ਨੂੰ ਲੈ ਕੇ ਸੂਬਾ ਸਰਕਾਰ ਵੀ ਜਲਦ ਕੋਈ ਨਾ ਕੋਈ ਐਲਾਨ ਜ਼ਰੂਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੋਵੇਗਾ ਹਾਲਾਂਕਿ ਇਹ ਕੈਬਨਿਟ ਮੀਟਿੰਗ ਵਿੱਚ ਹੀ ਸਾਫ ਹੋ ਸਕੇਗਾ ਪਰ ਕੋਈ ਨਾ ਕੋਈ ਰਾਹਤ ਆਮ ਲੋਕਾਂ ਨੂੰ ਜ਼ਰੂਰ ਦਿੱਤੀ ਜਾਵੇਗੀ।
ਦੱਸ ਦਈਏ ਕਿ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ ਕਿਉਂਕਿ ਇਹ ਮੀਟਿੰਗ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਹੋ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣਾਂ ਤੋਂ ਪਹਿਲਾਂ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।