ਚੰਡੀਗੜ੍ਹ: ਰਮਜ਼ਾਨ ਮਹੀਨੇ ਦੀ ਸ਼ੁਰੂਆਤ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਖੁੱਲ੍ਹੀ ਆਵਾਜਾਈ 'ਤੇ ਪਾਬੰਦੀ ਲਗਾਈ ਹੈ। ਸਰਕਾਰ ਨੇ ਲੋਕਾਂ ਦੇ ਇਕੱਠ ‘ਤੇ ਵੀ ਰੋਕ ਲਗਾਈ ਹੋਈ ਹੈ। ਕੋਵਿਡ -19 ਮਹਾਮਾਰੀ ਕਾਰਨ ਪੈਦਾ ਹੋਏ ਇਸ ਸੰਕਟਕਾਲੀ ਸਮੇਂ ਦੌਰਾਨ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਜਸ਼ਨ ਮਨਾਉਣ ਮੌਕੇ ਵੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਲੋੜ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਧਿਆਨ ਨਾਲ ਪਾਲਣਾ ਕਰਨ, ਜਿਸ ਤਹਿਤ ਸਾਰੀਆਂ ਮਸਜਿਦਾਂ/ਦਰਗਾਹਾਂ ਤੇ ਹੋਰ ਧਾਰਮਿਕ ਸੰਸਥਾਵਾਂ ਬੰਦ ਰਹਿਣਗੀਆਂ ਅਤੇ ਲੋਕਾਂ ਨੂੰ ਇਕੱਠ ਕਰਕੇ ਨਮਾਜ਼ ਅਦਾ ਕਰਨ, ਜੁੰਮੇ ਦੀ ਨਮਾਜ਼ ਸਣੇ ਤਰਾਵੀ ਅਦਾ ਕਰਨ ਦੀ ਮੁਕੰਮਲ ਮਨਾਹੀ ਹੋਵੇਗੀ। ਇਸ ਦੇ ਨਾਲ ਹੀ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪੋ ਆਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ।

ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਜਸ਼ਨਾਂ ਦਾ ਸਖ਼ਤੀ ਨਾਲ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮਸਜਿਦ ਦੇ ਅੰਦਰ ਜੂਸ, ਸ਼ਰਬਤ ਜਾਂ ਖਾਣ-ਪੀਣ ਦੀਆਂ ਹੋਰ ਚੀਜ਼ਾਂ ਜਾਂ ਘਰ-ਘਰ ਜਾ ਕੇ ਵੰਡੀਆਂ ਜਾਣ ਵਾਲੀਆਂ ਚੀਜ਼ਾਂ ਦੀ ਜਨਤਕ ਵੰਡ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਤੋਂ ਇਲਾਵਾ ਬੁਲਾਰੇ ਨੇ ਇਹ ਵੀ ਕਿਹਾ ਕਿ ਪਹਿਲਾਂ ਤੋਂ ਬਿਮਾਰ ਵਿਅਕਤੀਆਂ ਨੂੰ ਸਹੀ ਡਾਕਟਰੀ ਸਲਾਹ ਤੋਂ ਬਾਅਦ ਹੀ ਰੋਜ਼ਾ ਰੱਖਣਾ ਚਾਹੀਦਾ ਹੈ।



ਉਨ੍ਹਾਂ ਕਿਹਾ ਕਿ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲੋਕਾਂ ਨੂੰ ਘਰ ‘ਚ ਹੀ ਰਹਿਣਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ।